ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਦੇ ਹੱਲ ਲਈ ਹਰਪਾਲ ਸਿੰਘ ਚੀਮਾ ਵੱਲੋਂ 6 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਛੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਉਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮਦਰਦੀ ਅਤੇ ਸੁਹਿਰਦਤਾ ਨਾਲ ਯਤਨ ਕਰ ਰਹੀ ਹੈ।

ਵਿੱਤ ਮੰਤਰੀ ਨੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਪੰਜਾਬ, ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਅਤੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਵਫ਼ਦਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮੰਗ ਪੱਤਰ ਪ੍ਰਾਪਤ ਕੀਤੇ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਪੁਲਿਸ ਕਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਵੀ ਧਿਆਨ ਨਾਲ ਸੁਣੀਆਂ।

ਸ. ਚੀਮਾ ਨੇ ਭਰੋਸਾ ਦਿਵਾਇਆ ਕਿ ਮੁਲਾਜ਼ਮਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਢੁਕਵੇਂ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।