ਭਾਰਤ ਦੀ ਇਤਿਹਾਸਕ ਜਿੱਤ! ਜਾਪਾਨ ਨੂੰ 4-1 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ‘ਤੇ ਕੀਤਾ ਕਬਜ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ, ਕਿਹਾ- ਖਿਡਾਰੀਆਂ ਨੇ ਦੁਨੀਆ ਭਰ ‘ਚ ਪੰਜਾਬ ਦਾ ਨਾਮ ਰੌਸ਼ਨ ਕੀਤਾ

ਮੁਹਾਲੀ: ਪੰਜਾਬ ਦੀ ਧਰਤੀ ‘ਤੇ ਪਹਿਲੀ ਵਾਰ ਕਰਵਾਈ ਗਈ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਨਾਲ ਯਾਦਗਾਰ ਬਣ ਗਈ। ਮੁਹਾਲੀ ਵਿਖੇ ਖੇਡੇ ਗਏ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਕਰਾਰੀ ਮਾਤ ਦੇ ਕੇ ਟਰਾਫ਼ੀ ਆਪਣੇ ਨਾਮ ਕਰ ਲਈ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਵਧਾਈ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਫਾਈਨਲ ਵਿੱਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਾਪਾਨ ਨੂੰ 4-1 ਨਾਲ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਖਿਡਾਰੀਆਂ ਨੇ ਦੇਸ਼ ਦੇ ਨਾਲ-ਨਾਲ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਵੀ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਮੁਹਾਲੀ ਦੇ ਖਚਾਖਚ ਭਰੇ ਸਟੇਡੀਅਮ ਵਿੱਚ ਫਾਈਨਲ ਮੁਕਾਬਲੇ ਦਾ ਆਨੰਦ ਮਾਣਿਆ। ਇਸ ਦੌਰਾਨ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦੀਆਂ ਗੱਤਕੇ ਅਤੇ ਭੰਗੜੇ ਦੀਆਂ ਲਾਈਵ ਪੇਸ਼ਕਾਰੀਆਂ ਨੇ ਮਾਹੌਲ ਨੂੰ ਹੋਰ ਵੀ ਜੋਸ਼ੀਲਾ ਬਣਾ ਦਿੱਤਾ।

ਉਨ੍ਹਾਂ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਂਦਿਆਂ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਅਤੇ ਸਾਰਿਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਪਹਿਲੀ ਵਾਰ ਹੋਏ ਇਸ ਵੱਡੇ ਟੂਰਨਾਮੈਂਟ ਨੂੰ ਭਾਰਤ ਦੀ ਜਿੱਤ ਨੇ ਹੋਰ ਵੀ ਇਤਿਹਾਸਕ ਬਣਾ ਦਿੱਤਾ ਹੈ।

ਆਮ ਆਦਮੀ ਪਾਰਟੀ ਵੱਲੋਂ ਵੀ ਭਾਰਤੀ ਹਾਕੀ ਟੀਮ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਗਈ। ਟੀਮ ਦੀ ਜਿੱਤ ਨਾਲ ਪੰਜਾਬ ਵਿੱਚ ਖੇਡ ਪ੍ਰੇਮੀਆਂ ਅੰਦਰ ਖੁਸ਼ੀ ਦੀ ਲਹਿਰ ਹੈ