ਮਾਓਵਾਦੀ ਹਿੰਸਾ ਤੋਂ ਮੁਕਤ ਭਾਰਤ ਦੀ ਪਹਿਲੀ ਦੀਵਾਲੀ ਨੂੰ ਦੱਸਿਆ ਖ਼ਾਸ, ਜਵਾਨਾਂ ਦੀਆਂ ਕੁਰਬਾਨੀਆਂ ਅਤੇ ਸਮਰਪਣ ਨੂੰ ਕੀਤਾ ਸਲਾਮ
ਬਸਤਰ : ਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਛੱਤੀਸਗੜ੍ਹ ਦੇ ਬਸਤਰ ਵਿੱਚ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਉਨ੍ਹਾਂ ਨੇ ਜਵਾਨਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਦੱਸਦਿਆਂ ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਦੇ ਸਮਰਪਣ, ਬਹਾਦਰੀ ਅਤੇ ਕੁਰਬਾਨੀਆਂ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2026 ਦੀ ਦੀਵਾਲੀ ਦੇਸ਼ ਲਈ ਖ਼ਾਸ ਮਹੱਤਵ ਰੱਖਦੀ ਹੈ, ਕਿਉਂਕਿ ਇਹ ਨਕਸਲਵਾਦ ਅਤੇ ਮਾਓਵਾਦੀ ਹਿੰਸਾ ਵਿਰੁੱਧ ਦਹਾਕਿਆਂ ਤੱਕ ਚੱਲੀ ਲੜਾਈ ਤੋਂ ਬਾਅਦ ਮਨਾਇਆ ਜਾ ਰਿਹਾ ਤਿਉਹਾਰ ਹੈ। ਉਨ੍ਹਾਂ ਮੁਤਾਬਕ, ਨਕਸਲਵਾਦ ਦੇ ਡਰ ਤੋਂ ਬਾਹਰ ਨਿਕਲ ਕੇ ਦੇਸ਼ ਦੇ ਕਰੋੜਾਂ ਲੋਕ ਹੁਣ ਵਿਕਾਸ ਅਤੇ ਖੁਸ਼ਹਾਲੀ ਵੱਲ ਅੱਗੇ ਵਧ ਰਹੇ ਹਨ।
ਜਵਾਨਾਂ ਦੀ ਬਹਾਦਰੀ ਨਾਲ ਬਦਲੀ ਬਸਤਰ ਦੀ ਤਸਵੀਰ
ਸੁਰੱਖਿਆ ਕਰਮੀਆਂ ਨੂੰ ਸੰਬੋਧਨ ਕਰਦਿਆਂ PM ਮੋਦੀ ਨੇ ਕਿਹਾ ਕਿ ਨਕਸਲਵਾਦ ਵਿਰੁੱਧ ਲੰਬੇ ਸੰਘਰਸ਼ ਵਿੱਚ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਬੇਮਿਸਾਲ ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਲਗਾਤਾਰ ਕੋਸ਼ਿਸ਼ਾਂ ਸਦਕਾ ਹੀ ਇਸ ਖੇਤਰ ਵਿੱਚ ਸ਼ਾਂਤੀ ਸਥਾਪਤ ਕਰਨ ਅਤੇ ਵਿਕਾਸ ਦੇ ਨਵੇਂ ਰਸਤੇ ਖੋਲ੍ਹਣ ਵਿੱਚ ਮਦਦ ਮਿਲੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਇਲਾਕੇ ਕਦੇ ਮਾਓਵਾਦੀ ਹਿੰਸਾ ਕਾਰਨ ਡਰ ਦੇ ਸਾਏ ਹੇਠ ਰਹਿੰਦੇ ਸਨ, ਉੱਥੇ ਹੁਣ ਆਮ ਜਨਜੀਵਨ ਨੂੰ ਮੁੜ ਪਟੜੀ ‘ਤੇ ਲਿਆਉਣ ਅਤੇ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨ ਦੇ ਯਤਨ ਤੇਜ਼ ਹੋਏ ਹਨ।
‘2026 ਦੀ ਦੀਵਾਲੀ ਦੇਸ਼ ਲਈ ਬੇਹੱਦ ਖ਼ਾਸ’
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਸਾਲ ਦੀ ਦੀਵਾਲੀ ਕਈ ਪੱਖਾਂ ਤੋਂ ਯਾਦਗਾਰ ਹੈ। ਉਨ੍ਹਾਂ ਅਨੁਸਾਰ, ਦੇਸ਼ ਨੇ ਨਕਸਲਵਾਦ ਅਤੇ ਮਾਓਵਾਦੀ ਦਹਿਸ਼ਤ ਵਿਰੁੱਧ ਦਹਾਕਿਆਂ ਪੁਰਾਣੀ ਲੜਾਈ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਕਸਲਵਾਦ ਦਾ ਖ਼ਾਤਮਾ ਹੋਣਾ ਇੱਕ ਵੱਡੀ ਪ੍ਰਾਪਤੀ ਹੈ ਅਤੇ ਇਸ ਨਾਲ ਕਰੋੜਾਂ ਲੋਕਾਂ ਦੇ ਮਨਾਂ ਵਿੱਚੋਂ ਦਹਿਸ਼ਤ ਦਾ ਮਾਹੌਲ ਦੂਰ ਹੋਇਆ ਹੈ।
ਜਵਾਨਾਂ ਨੂੰ ਦੱਸਿਆ ਆਪਣਾ ਪਰਿਵਾਰ
ਦੀਵਾਲੀ ਦੇ ਇਸ ਖ਼ਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਅਤੇ ਅੰਦਰੂਨੀ ਸੁਰੱਖਿਆ ਲਈ ਮੁਸ਼ਕਲ ਹਾਲਾਤਾਂ ਵਿੱਚ ਡਿਊਟੀ ਨਿਭਾਉਣ ਵਾਲੇ ਜਵਾਨ ਪੂਰੇ ਦੇਸ਼ ਦਾ ਮਾਣ ਹਨ।
ਉਨ੍ਹਾਂ ਦੇ ਇਸ ਦੌਰੇ ਨੂੰ ਸੁਰੱਖਿਆ ਬਲਾਂ ਦਾ ਹੌਸਲਾ ਵਧਾਉਣ ਅਤੇ ਨਕਸਲਵਾਦ ਵਿਰੁੱਧ ਲੜਾਈ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸਨਮਾਨ ਦੇਣ ਵਜੋਂ ਦੇਖਿਆ ਜਾ ਰਿਹਾ ਹੈ।
ਨਕਸਲਵਾਦ ਤੋਂ ਬਾਅਦ ਵਿਕਾਸ ਦੇ ਨਵੇਂ ਦੌਰ ਦੀ ਉਮੀਦ
ਬਸਤਰ ਲੰਬੇ ਸਮੇਂ ਤੱਕ ਨਕਸਲੀ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ। ਇੱਥੇ ਸੁਰੱਖਿਆ ਚੁਣੌਤੀਆਂ ਕਾਰਨ ਕਈ ਇਲਾਕਿਆਂ ਵਿੱਚ ਸੜਕਾਂ, ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਵਿਕਾਸ ਪ੍ਰਭਾਵਿਤ ਹੋਇਆ ਸੀ। ਹੁਣ ਸੁਰੱਖਿਆ ਸਥਿਤੀ ਵਿੱਚ ਸੁਧਾਰ ਦੇ ਨਾਲ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਦੀ ਉਮੀਦ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਦਾ ਜਵਾਨਾਂ ਨਾਲ ਦੀਵਾਲੀ ਮਨਾਉਣ ਦਾ ਇਹ ਕਦਮ ਇਸ ਸੰਦੇਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ ਕਿ ਦੇਸ਼ ਦੀ ਸੁਰੱਖਿਆ ਵਿੱਚ ਲੱਗੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
