ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਸ਼ੇਸ਼ ਸਨਮਾਨ - Punjab Nation TV

ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਦਫ਼ਤਰ ਵਿਖੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਨਾਲ ਸਬੰਧਤ ਭਾਰਤੀ ਹਾਕੀ ਟੀਮ ਦੇ ਉੱਘੇ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਜਰਮਨਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਜਲੰਧਰ ਅਤੇ ਮੋਹਾਲੀ ਵਿਖੇ ਆਯੋਜਿਤ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਮੁਕਾਬਲੇ ਦੌਰਾਨ ਭਾਰਤੀ ਟੀਮ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਂਦਿਆਂ ਸੋਨ ਤਮਗਾ ਜਿੱਤਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਰਮਨਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਆਪਣੇ ਪਿੰਡ, ਹਲਕੇ, ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਦਿੱਤੇ ਹਨ। ਜਰਮਨਪ੍ਰੀਤ ਸਿੰਘ ਵਰਗੇ ਹੋਣਹਾਰ ਖਿਡਾਰੀਆਂ ਦੀਆਂ ਪ੍ਰਾਪਤੀਆਂ ਸੂਬੇ ਦੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ।

ਕੈਬਨਿਟ ਮੰਤਰੀ ਨੇ ਜਰਮਨਪ੍ਰੀਤ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਆਪਣੀ ਸ਼ਾਨਦਾਰ ਖੇਡ ਨਾਲ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰਦਾ ਰਹੇਗਾ ਅਤੇ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗਾ।