ਪੰਜਾਬ ਵਿੱਚ ਖੇਡ ਕ੍ਰਾਂਤੀ ਨੂੰ ਮਿਲੇਗਾ ਹੋਰ ਹੁਲਾਰਾ, CM ਭਗਵੰਤ ਮਾਨ ਅੱਜ 1,000 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ - Punjab Nation TV

ਪੰਜਾਬ ਵਿੱਚ ਖੇਡ ਕ੍ਰਾਂਤੀ ਨੂੰ ਮਿਲੇਗਾ ਹੋਰ ਹੁਲਾਰਾ, CM ਭਗਵੰਤ ਮਾਨ ਅੱਜ 1,000 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਅੱਜ ਅਮਲੋਹ ਤੋਂ ਸੂਬੇ ਵਿੱਚ ਬਣਾਏ ਗਏ 1,000 ਹੋਰ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੁੱਲ 3,000 ਖੇਡ ਮੈਦਾਨ ਤਿਆਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ 255 ਅਤੇ ਦੂਜੇ ਪੜਾਅ ਵਿੱਚ 500 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਹੁਣ ਤੀਜੇ ਪੜਾਅ ਅਧੀਨ 1,000 ਹੋਰ ਨਵੇਂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਆਧੁਨਿਕ ਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਖੇਡਾਂ ਦੇ ਬਜਟ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਨਵੀਂ ਦਿਸ਼ਾ ਦੇਣ, ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਕਈ ਹੋਰ ਅਹਿਮ ਕਦਮ ਚੁੱਕੇ ਜਾਣਗੇ।