75 ਸਾਲਾ ਜਗਦੀਪ ਧਨਖੜ ਨੂੰ ਦਿੱਲੀ ਦੇ AIIMS ਹਸਪਤਾਲ ਦੇ ਕਾਰਡੀਓ-ਨਿਊਰੋ ਸੈਂਟਰ ਵਿੱਚ ਲਿਜਾਇਆ ਗਿਆ, ਡਾਕਟਰਾਂ ਦੀ ਟੀਮ ਕਰ ਰਹੀ ਹੈ ਸਿਹਤ ਦੀ ਜਾਂਚ
ਨਵੀਂ ਦਿੱਲੀ : ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਬੁੱਧਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਨਿਕਲੇ 75 ਸਾਲਾ ਜਗਦੀਪ ਧਨਖੜ ਅਚਾਨਕ ਬੇਹੋਸ਼ ਹੋ ਕੇ ਜ਼ਮੀਨ ’ਤੇ ਡਿੱਗ ਪਏ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS) ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਸੈਰ ਦੌਰਾਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਉਹ ਕੁਝ ਮਿੰਟਾਂ ਲਈ ਬੇਹੋਸ਼ ਰਹੇ। ਉਨ੍ਹਾਂ ਦੇ ਨਾਲ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਮਦਦ ਕੀਤੀ ਅਤੇ ਉਨ੍ਹਾਂ ਨੂੰ ਪੁਲਿਸ ਕੰਟਰੋਲ ਰੂਮ (PCR) ਵੈਨ ਰਾਹੀਂ ਘਰ ਪਹੁੰਚਾਇਆ।
ਘਰ ਪਹੁੰਚੀ ਡਾਕਟਰਾਂ ਦੀ ਟੀਮ, ਦਿੱਤੀ ਮੁੱਢਲੀ ਸਹਾਇਤਾ
ਧਨਖੜ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਮੈਡੀਕਲ ਟੀਮ ਅਤੇ AIIMS ਦੇ ਮਾਹਿਰ ਡਾਕਟਰ ਸੰਦੀਪ ਸੇਠ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ।
ਡਾਕਟਰਾਂ ਨੇ ਉਨ੍ਹਾਂ ਦੀ ਮੁੱਢਲੀ ਜਾਂਚ ਕੀਤੀ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਦਿੱਤੀ। ਹਾਲਾਂਕਿ, ਸਿਹਤ ਦੀ ਸਥਿਤੀ ਨੂੰ ਦੇਖਦਿਆਂ ਉਨ੍ਹਾਂ ਨੂੰ ਹੋਰ ਜਾਂਚ ਅਤੇ ਇਲਾਜ ਲਈ ਹਸਪਤਾਲ ਲਿਜਾਣ ਦਾ ਫੈਸਲਾ ਕੀਤਾ ਗਿਆ।
AIIMS ਦੇ ਕਾਰਡੀਓ-ਨਿਊਰੋ ਸੈਂਟਰ ਵਿੱਚ ਚੱਲ ਰਿਹਾ ਇਲਾਜ
ਇਸ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਦਿੱਲੀ ਦੇ AIIMS ਹਸਪਤਾਲ ਦੇ ਕਾਰਡੀਓ-ਨਿਊਰੋ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੇ ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ, ਕਾਰਡੀਓਲੋਜੀ ਵਿਭਾਗ ਦੇ ਮਾਹਿਰ ਡਾਕਟਰ ਵੀ ਉਨ੍ਹਾਂ ਦੇ ਇਲਾਜ ਦੀ ਨਿਗਰਾਨੀ ਕਰ ਰਹੇ ਹਨ। ਫਿਲਹਾਲ ਉਨ੍ਹਾਂ ਦੀ ਸਿਹਤ ਸਬੰਧੀ ਵਿਸਥਾਰਪੂਰਵਕ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ।
