ਬਰਨਾਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ’ਤੇ ਸੰਭਾਵਿਤ ਹਮਲੇ ਦੀ ਇਕ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਮੋਗਾ–ਬਰਨਾਲਾ ਬਾਈਪਾਸ ਨੇੜੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਇਕ ਕਾਰ ਅਤੇ ਨਾਜਾਇਜ਼ ਅਸਲਾ ਵੀ ਬਰਾਮਦ ਕੀਤਾ ਗਿਆ ਹੈ।
ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੋਟਦੁੱਨਾ ਪਿੰਡ ਦਾ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਉਰਫ਼ ਕਿੰਦਾ ਵੀ ਸ਼ਾਮਲ ਹੈ। ਉਸਦੇ ਨਾਲ ਬਲਵਿੰਦਰ ਸਿੰਘ ਉਰਫ਼ ਬਿੰਦਰ ਮਾਨ ਅਤੇ ਗੁਰਵਿੰਦਰ ਸਿੰਘ ਉਰਫ਼ ਗਿੱਲ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲਿਸ ਜਾਂਚ ਮੁਤਾਬਕ, ਗਾਇਕ ਵੱਲੋਂ ਆਪਣੇ ਇਕ ਗਾਣੇ ਵਿੱਚ ਸਰਪੰਚਾਂ ਦਾ ਜ਼ਿਕਰ ਕੀਤੇ ਜਾਣ ਕਾਰਨ ਮੁੱਖ ਮੁਲਜ਼ਮ ਕਿੰਦਾ ਨਾਰਾਜ਼ ਸੀ। ਇਸ ਰੰਜਿਸ਼ ਦੇ ਚਲਦਿਆਂ ਉਸ ਨੇ ਪਹਿਲਾਂ ਸੋਸ਼ਲ ਮੀਡੀਆ ’ਤੇ ਲਾਈਵ ਆ ਕੇ ਧਮਕੀਆਂ ਦਿੱਤੀਆਂ ਅਤੇ ਬਾਅਦ ਵਿੱਚ ਗਾਇਕ ’ਤੇ ਹਮਲਾ ਕਰਕੇ ਦਬਦਬਾ ਬਣਾਉਣ ਅਤੇ ਫਿਰੌਤੀ ਵਸੂਲਣ ਦੀ ਯੋਜਨਾ ਤਿਆਰ ਕੀਤੀ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਹੋਰ ਲੋਕਾਂ ਦੀ ਸ਼ਮੂਲੀਅਤ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ ਹੈ।
