ਆਮ ਆਦਮੀ ਪਾਰਟੀ ਨੇ ਜਾਰੀ ਕੀਤੀ 31 ਉਮੀਦਵਾਰਾਂ ਦੀ ਦੂਜੀ ਸੂਚੀ, 8 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ - Punjab Nation TV

ਆਮ ਆਦਮੀ ਪਾਰਟੀ ਨੇ ਜਾਰੀ ਕੀਤੀ 31 ਉਮੀਦਵਾਰਾਂ ਦੀ ਦੂਜੀ ਸੂਚੀ, 8 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ

ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਕਈ ਵੱਡੇ ਚਿਹਰਿਆਂ ਨੂੰ ਮਿਲੀ ਟਿਕਟ; ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਸੂਚੀ ‘ਚੋਂ ਬਾਹਰ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਨੇ ਵੀਰਵਾਰ, 12 ਨਵੰਬਰ ਨੂੰ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਨਾਲ ਪਾਰਟੀ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 71 ਹੋ ਗਈ ਹੈ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਨ੍ਹਾਂ ਵਿੱਚ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਉਮੀਦਵਾਰ ਬਣਾਇਆ ਗਿਆ ਹੈ।


ਜਲੰਧਰ ਤੋਂ ਲੈ ਕੇ ਅੰਮ੍ਰਿਤਸਰ ਤੱਕ ਕਈ ਨਵੇਂ ਚਿਹਰਿਆਂ ‘ਤੇ ਦਾਅ


AAP ਦੀ ਦੂਜੀ ਸੂਚੀ ਵਿੱਚ ਕਈ ਅਹਿਮ ਹਲਕਿਆਂ ਲਈ ਨਵੇਂ ਨਾਵਾਂ ਨੂੰ ਮੌਕਾ ਦਿੱਤਾ ਗਿਆ ਹੈ। ਰੋਹਿਤ ਸਿਆਲ ਨੂੰ ਪਠਾਨਕੋਟ, ਰਮਨ ਬਹਿਲ ਨੂੰ ਗੁਰਦਾਸਪੁਰ, ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਅਤੇ ਨਿਤਿਨ ਕੋਹਲੀ ਨੂੰ ਜਲੰਧਰ ਸੈਂਟਰਲ ਤੋਂ ਟਿਕਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਵਿਨੀਤ ਧੀਰ ਨੂੰ ਜਲੰਧਰ ਉੱਤਰੀ, ਦੀਪਕ ਬਾਲੀ ਨੂੰ ਜਲੰਧਰ ਕੈਂਟ, ਪਵਨ ਕੁਮਾਰ ਟੀਨੂੰ ਨੂੰ ਆਦਮਪੁਰ ਅਤੇ ਗੋਪਾਲ ਸਿੰਘ ਨੂੰ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਹੋਰ ਉਮੀਦਵਾਰਾਂ ਵਿੱਚ ਐਡਵੋਕੇਟ ਹਰਸਿਮਰਨ ਸਿੰਘ ਨੂੰ ਭੁਲੱਥ, ਦਵਿੰਦਰ ਪਾਲ ਸਿੰਘ ਰੰਗਾ ਨੂੰ ਕਪੂਰਥਲਾ ਅਤੇ ਬਲਵੀਰ ਸਿੰਘ ਪਾਲਾ ਜਲਾਲਪੁਰ ਨੂੰ ਸ਼ਾਹਕੋਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।


8 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ


ਇਸ ਵਾਰ ਦੀ ਸੂਚੀ ਵਿੱਚ ਸਭ ਤੋਂ ਵੱਡਾ ਸਿਆਸੀ ਬਦਲਾਅ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਨੂੰ ਲੈ ਕੇ ਦੇਖਣ ਨੂੰ ਮਿਲਿਆ ਹੈ। ਪਾਰਟੀ ਨੇ ਅੱਠ ਮੌਜੂਦਾ ਵਿਧਾਇਕਾਂ ਦੀ ਥਾਂ ਨਵੇਂ ਉਮੀਦਵਾਰਾਂ ਨੂੰ ਮੌਕਾ ਦਿੱਤਾ ਹੈ।

ਇਨ੍ਹਾਂ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਨਾਂ ਵੀ ਸ਼ਾਮਲ ਹੈ। ਲੰਬੀ ਹਲਕੇ ਤੋਂ ਉਨ੍ਹਾਂ ਦੀ ਥਾਂ ਉਨ੍ਹਾਂ ਦੇ ਰਿਸ਼ਤੇਦਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਟਿਕਟ ਦਿੱਤੀ ਗਈ ਹੈ।

ਇਸੇ ਤਰ੍ਹਾਂ ਪੱਟੀ ਹਲਕੇ ਤੋਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਥਾਂ ਪਹਿਲਵਾਨ ਜਸਕੰਵਰ ਸਿੰਘ ਗਿੱਲ, ਜੋ ਜੱਸਾ ਪੱਟੀ ਦੇ ਨਾਂ ਨਾਲ ਜਾਣੇ ਜਾਂਦੇ ਹਨ, ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਇਸ ਸਮੇਂ ਜੇਲ੍ਹ ਵਿੱਚ ਹਨ।

ਇਨ੍ਹਾਂ ਹਲਕਿਆਂ ਵਿੱਚ ਵੀ ਬਦਲੇ ਉਮੀਦਵਾਰ


ਪਾਰਟੀ ਵੱਲੋਂ ਕੀਤੇ ਗਏ ਹੋਰ ਅਹਿਮ ਬਦਲਾਵਾਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਕਰਮਜੀਤ ਸਿੰਘ ਰਿੰਟੂ ਅਤੇ ਜਲੰਧਰ ਸੈਂਟਰਲ ਤੋਂ ਰਮਨ ਅਰੋੜਾ ਦੀ ਥਾਂ ਨਿਤਿਨ ਕੋਹਲੀ ਨੂੰ ਟਿਕਟ ਦਿੱਤੀ ਗਈ ਹੈ।

ਚਮਕੌਰ ਸਾਹਿਬ ਤੋਂ ਡਾ. ਚਰਨਜੀਤ ਸਿੰਘ ਦੀ ਥਾਂ ਜਸਬੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਖਰੜ ਤੋਂ ਅਨਮੋਲ ਗਗਨ ਮਾਨ ਦੀ ਥਾਂ ਪਰਮਿੰਦਰ ਸਿੰਘ ਗੋਲਡੀ, ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਦੀ ਥਾਂ ਗੋਪਾਲ ਸਿੰਘ ਅਤੇ ਸ਼ੁਤਰਾਣਾ ਤੋਂ ਕੁਲਵੰਤ ਸਿੰਘ ਬਾਜ਼ੀਗਰ ਦੀ ਥਾਂ ਵਰਿੰਦਰ ਕੌਰ ਲੁੰਬਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।


ਇਨ੍ਹਾਂ ਮੌਜੂਦਾ ਵਿਧਾਇਕਾਂ ‘ਤੇ ਮੁੜ ਜਤਾਇਆ ਭਰੋਸਾ


ਨਵੀਂ ਸੂਚੀ ਵਿੱਚ ਕੁਝ ਮੌਜੂਦਾ ਵਿਧਾਇਕਾਂ ਨੂੰ ਵੀ ਮੁੜ ਚੋਣ ਲੜਨ ਦਾ ਮੌਕਾ ਦਿੱਤਾ ਗਿਆ ਹੈ। ਜਗਰਾਉਂ ਤੋਂ ਸਰਵਜੀਤ ਕੌਰ ਮਾਣੂੰਕੇ ਅਤੇ ਬੱਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੂੰ ਪਾਰਟੀ ਨੇ ਆਪਣਾ ਉਮੀਦਵਾਰ ਬਣਾਇਆ ਹੈ।

ਜ਼ਿਕਰਯੋਗ ਹੈ ਕਿ AAP ਨੇ ਆਪਣੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ ਅਤੇ ਉਸ ਸਮੇਂ ਸਾਰੇ ਮੌਜੂਦਾ ਵਿਧਾਇਕਾਂ ਨੂੰ ਮੁੜ ਮੌਕਾ ਦਿੱਤਾ ਗਿਆ ਸੀ। ਪਰ ਦੂਜੀ ਸੂਚੀ ਵਿੱਚ ਅੱਠ ਵਿਧਾਇਕਾਂ ਦੀਆਂ ਟਿਕਟਾਂ ਬਦਲ ਕੇ ਪਾਰਟੀ ਨੇ ਆਪਣੇ ਚੋਣੀ ਸਮੀਕਰਨਾਂ ਵਿੱਚ ਵੱਡਾ ਫੇਰਬਦਲ ਕੀਤਾ ਹੈ।

ਹੁਣ ਸਾਰੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ AAP ਦੇ ਇਹ ਨਵੇਂ ਅਤੇ ਪੁਰਾਣੇ ਚਿਹਰੇ ਵਿਰੋਧੀ ਪਾਰਟੀਆਂ ਨੂੰ ਕਿੰਨੀ ਸਖ਼ਤ ਟੱਕਰ ਦੇ ਸਕਣਗੇ।

https://x.com/bhagwantmann/status/2120853596896215168?a=bOyzIF8CAMQAV4U9RyE&s=12 ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ… ਪਾਰਟੀ ਵੱਲੋਂ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ… ਮੈਨੂੰ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਆਪੋ-ਆਪਣੇ ਹਲਕਿਆਂ ‘ਚ ਲੋਕਾਂ ਦੀ ਸੱਚੀ ਆਵਾਜ਼ ਬਣੋਗੇ ਅਤੇ ‘ਰੰਗਲਾ ਪੰਜਾਬ’ ਸਿਰਜਣ ਦੀ ਸਾਡੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੋਗੇ… ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਸਾਡੀ ਅਸਲੀ ਤਾਕਤ ਹੈ… ਆਓ ਮਿਲ ਕੇ ਨਵਾਂ ਇਤਿਹਾਸ ਸਿਰਜੀਏ… ਇਨਕਲਾਬ ਜ਼ਿੰਦਾਬਾਦ!