ਅਧਿਆਪਕਾਂ ਲਈ ਖੁਸ਼ਖਬਰੀ: CM ਭਗਵੰਤ ਮਾਨ ਨੇ ਕੀਤਾ ਇਤਿਹਾਸਕ ਤਨਖਾਹ ਵਾਧੇ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਆਦਰਸ਼ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਕਰੀਬ 1100 ਅਧਿਆਪਕਾਂ ਦੀਆਂ ਤਨਖਾਹਾਂ ਵਿੱਚ 120 ਫ਼ੀਸਦੀ ਤੋਂ ਵੱਧ ਦਾ ਇਤਿਹਾਸਕ ਵਾਧਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ

CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਘੱਟ ਤਨਖਾਹਾਂ ‘ਤੇ ਕੰਮ ਕਰ ਰਹੇ ਇਨ੍ਹਾਂ ਅਧਿਆਪਕਾਂ ਦੀ ਤਨਖਾਹ ਹੁਣ 10 ਹਜ਼ਾਰ ਰੁਪਏ ਤੋਂ ਵੱਧ ਕੇ 22 ਹਜ਼ਾਰ ਰੁਪਏ ਤੋਂ ਵੀ ਉੱਪਰ ਹੋ ਜਾਵੇਗੀ

ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਸਾਡੇ ਸਿੱਖਿਆ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ। ਇਸ ਦੇ ਨਾਲ ਹੀ ਇਨ੍ਹਾਂ ਅਧਿਆਪਕਾਂ ਨੂੰ ਕੇਂਦਰੀ ਵਿਦਿਆਲਿਆ (KV) ਦੀ ਤਰਜ਼ ‘ਤੇ ਹੋਰ ਬਿਹਤਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ

ਉਨ੍ਹਾਂ ਕਿਹਾ ਕਿ ਜਦੋਂ ਸਾਡੇ ਅਧਿਆਪਕ ਖੁਦ ਨੂੰ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਨਗੇ, ਤਾਂ ਹੀ ਸੂਬੇ ਦੇ ਬੱਚਿਆਂ ਦਾ ਭਵਿੱਖ ਹੋਰ ਮਜ਼ਬੂਤ ਬਣੇਗਾ

CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ