ਮਾਨ ਸਰਕਾਰ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ: ਪੰਜਾਬ ਪੁਲਿਸ ਨੇ 6 ਮਹੀਨਿਆਂ ਵਿੱਚ 87 ਹਜ਼ਾਰ ਤੋਂ ਵੱਧ ਅਪਰਾਧੀਆਂ ਵਿਰੁੱਧ ਕੀਤੀ ਸਖ਼ਤ ਕਾਰਵਾਈ

ਚੰਡੀਗੜ੍ਹ: ਪੰਜਾਬ ਸਰਕਾਰ ਦੀ ਅਪਰਾਧ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ (Zero Tolerance) ਨੀਤੀ ਤਹਿਤ ਪੰਜਾਬ ਪੁਲਿਸ ਨੂੰ ਵੱਡੀਆਂ ਸਫ਼ਲਤਾਵਾਂ ਮਿਲ ਰਹੀਆਂ ਹਨ। SP ਬਿਕਰਮਜੀਤ ਸਿੰਘ ਬਰਾੜ ਨੇ ਪ੍ਰੈੱਸ ਕਾਨਫਰੰਸ ਦੌਰਾਨ ਮਾਨ ਸਰਕਾਰ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪਿਛਲੇ 6 ਮਹੀਨਿਆਂ ਵਿੱਚ ਸੂਬੇ ਵਿੱਚ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਗਿਆ ਹੈ

ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਕੁੱਲ 87,446 ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 48,098 ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਚੁੱਕਾ ਹੈ। ਇਸ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਹਥਿਆਰ ਜ਼ਬਤ ਕਰਦਿਆਂ 859 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ

ਪੁਲਿਸ ਅਧਿਕਾਰੀ ਦੇ ਮੁੱਖ ਬਿਆਨ:
“ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕਿਸੇ ਵੀ ਗੈਂਗਸਟਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਦੂਜੇ ਸੂਬਿਆਂ ਦੀਆਂ STF ਅਤੇ AGTF ਵੀ ਪੰਜਾਬ ਪੁਲਿਸ ਦੇ ਇਸ ਆਪ੍ਰੇਸ਼ਨ ਮਾਡਲ ਨੂੰ ਜਾਣਨ ਵਿੱਚ ਡੂੰਘੀ ਦਿਲਚਸਪੀ ਦਿਖਾ ਰਹੀਆਂ ਹਨ।” — ਐਸ.ਪੀ. ਬਿਕਰਮਜੀਤ ਸਿੰਘ ਬਰਾੜ

ਅੰਤਰਰਾਸ਼ਟਰੀ ਨੈੱਟਵਰਕ ‘ਤੇ ਸ਼ਿਕੰਜਾ: ਸਰਹੱਦੀ ਸੂਬਿਆਂ ਨਾਲ ਲਗਾਤਾਰ ਮਜ਼ਬੂਤ ਤਾਲਮੇਲ ਦੇ ਚਲਦਿਆਂ ਭੂਟਾਨ ਅਤੇ ਨੇਪਾਲ ਸਰਹੱਦ ਤੋਂ ਵੀ ਖਤਰਨਾਕ ਅੰਤਰਰਾਸ਼ਟਰੀ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦੇ ਇਨਾਮ ਵਾਲੇ 4 ਨਾਮੀ ਗੈਂਗਸਟਰਾਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ ਹੈ।

ਜਨਤਾ ਦਾ ਸਹਿਯੋਗ: ਪੁਲਿਸ ਵੱਲੋਂ ਜਾਰੀ ਕੀਤੇ ਗਏ ਟਿਪ ਲਾਈਨ ਨੰਬਰ 93946-93946 ਉੱਤੇ ਆਮ ਲੋਕਾਂ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਸੂਚਨਾ ਦੇਣ ਵਾਲੇ ਹਰ ਨਾਗਰਿਕ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ