UK ਹਵਾਈ ਫ਼ੌਜ ’ਚ ਸਿੱਖ ਨੌਜਵਾਨ ਦੀ ਵੱਡੀ ਉਪਲਬਧੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਰਸ਼ਦੀਪ ਸਿੰਘ ਨੂੰ ਦਿੱਤੀ ਵਧਾਈ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਰਾਇਲ ਏਅਰ ਫੋਰਸ ਵਿੱਚ ਫਲਾਈਟ ਲੈਫਟੀਨੈਂਟ ਦਾ ਅਹੁਦਾ ਹਾਸਲ ਕਰਨ ਵਾਲੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਨੂੰ ਵਧਾਈ ਦਿੱਤੀ ਹੈ

ਜਥੇਦਾਰ ਸਾਹਿਬ ਨੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਤਾ-ਪਿਤਾ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਦੀ ਇਹ ਉਪਲਬਧੀ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਕਿਸੇ ਸਿੱਖ ਵੱਲੋਂ ਯੂਕੇ ਦੀ ਹਵਾਈ ਫ਼ੌਜ ਵਿੱਚ ਇਹ ਉੱਚ ਅਹੁਦਾ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਿੱਖ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਸਮਰੱਥਾ ਦਾ ਪ੍ਰਤੀਕ ਹੈ

ਉਨ੍ਹਾਂ ਅਰਸ਼ਦੀਪ ਸਿੰਘ ਦੀ ਇਸ ਸਫਲਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ ਵਿੱਚ ਰਹਿੰਦੇ ਹੋਏ ਵੀ ਉਹ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਮੁੱਲਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਰਿਵਾਰ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਆਪਣਾ ਨਾਤਾ ਮਜ਼ਬੂਤ ਬਣਾਈ ਰੱਖ ਰਹੇ ਹਨ।

ਜਥੇਦਾਰ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ “ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ” ਦੇ ਸਿਧਾਂਤਾਂ ’ਤੇ ਚੱਲਦਿਆਂ ਸਿੱਖ ਭਾਈਚਾਰੇ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਨਾਲ ਵੱਡੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਦੀ ਇਹ ਸਫਲਤਾ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣੇਗੀ