ਲੁਧਿਆਣਾ ਦੇ ਹੋਣਹਾਰ ਵਿਦਿਆਰਥੀ ਆਰੀਅਨ ਗੁਪਤਾ ਨੇ NEET ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ (Rank-1) ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਰੀਅਨ ਗੁਪਤਾ ਅਤੇ ਉਸਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
CM ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਰੀਅਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਸਦੀ ਮਿਹਨਤ ਅਤੇ ਕਾਬਲੀਅਤ ਨੇ ਨਾ ਸਿਰਫ਼ ਉਸਦੇ ਮਾਪਿਆਂ ਦਾ ਮਾਣ ਵਧਾਇਆ ਹੈ, ਸਗੋਂ ਪੂਰੇ ਪੰਜਾਬ ਨੂੰ ਮਾਣ ਮਹਿਸੂਸ ਕਰਵਾਇਆ ਹੈ।
ਮੁੱਖ ਮੰਤਰੀ ਨੇ ਆਰੀਅਨ ਨੂੰ ਇਸ ਵੱਡੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਉਸਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਸੂਬੇ ਦਾ ਭਵਿੱਖ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਸਿੱਖਿਆ ਅਤੇ ਤਰੱਕੀ ਲਈ ਵਧੀਆ ਮਾਹੌਲ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਪੰਜਾਬ ਦੇ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ ਅਤੇ ਇਹ ਸਾਬਤ ਕਰਦੀਆਂ ਹਨ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ
