ਬੱਸੀ ਪਠਾਣਾਂ ਬੱਸ ਹਾਦਸਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਫ਼ਤਿਹਗੜ੍ਹ ਸਾਹਿਬ: ਬੀਤੇ ਹਫ਼ਤੇ ਵਿਸਾਖੀ ਤੋਂ ਆਉਂਦੇ ਸਮੇਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜਲੇ ਪਿੰਡ ਮੈਣ ਮਾਜਰੀ ਵਿਖੇ ਵਾਪਰੇ ਭਿਆਨਕ ਬੱਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਪੀੜਤਾਂ ਲਈ ਮਾਲੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ

ਮ੍ਰਿਤਕਾਂ ਦੇ ਵਾਰਸਾਂ ਅਤੇ ਜ਼ਖ਼ਮੀਆਂ ਲਈ ਮਦਦ
ਮੁੱਖ ਮੰਤਰੀ ਵੱਲੋਂ ਦਿੱਤੀ ਗਈ ਮਨਜ਼ੂਰੀ ਅਨੁਸਾਰ ਸਹਾਇਤਾ ਰਾਸ਼ੀ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

  • ਮ੍ਰਿਤਕਾਂ ਲਈ: ਹਾਦਸੇ ਵਿੱਚ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ ₹2-2 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।
  • ਜ਼ਖ਼ਮੀਆਂ ਲਈ: ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਦੇ ਇਲਾਜ ਲਈ ₹50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਮਦਦ ਰਾਸ਼ੀ ਜਾਰੀ ਕੀਤੀ ਜਾਵੇਗੀ

ਸਰਕਾਰ ਪੀੜਤਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ: CM
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਅਤਿ ਦੁਖਦਾਈ ਘਟਨਾ ਸੀ ਜਿਸ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਾਰੇ ਜ਼ਖ਼ਮੀਆਂ ਨੂੰ ਜਲਦ ਸਿਹਤਯਾਬੀ ਪ੍ਰਦਾਨ ਕਰਨ।”

ਹਾਦਸੇ ਬਾਰੇ ਸੰਖੇਪ ਜਾਣਕਾਰੀ
ਜ਼ਿਕਰਯੋਗ ਹੈ ਕਿ ਪਿੰਡ ਮੈਣ ਮਾਜਰੀ ਨੇੜੇ ਵਾਪਰੇ ਇਸ ਦਰਦਨਾਕ ਹਾਦਸੇ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਸੀ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਸੀ। ਹੁਣ ਸਰਕਾਰ ਵੱਲੋਂ ਐਲਾਨੀ ਗਈ ਇਸ ਮਦਦ ਰਾਸ਼ੀ ਨਾਲ ਪੀੜਤ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਕੁਝ ਰਾਹਤ ਮਿਲਣ ਦੀ ਉਮੀਦ ਹੈ