ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜਿਉਂਦ ਵਿੱਚ ਅੱਜ ਉਸ ਵੇਲੇ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ, ਜਦੋਂ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਜ਼ਬਰਦਸਤ ਹਿੰਸਕ ਟਕਰਾਅ ਹੋ ਗਿਆ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਅੱਥਰੂ ਗੈਸ (Tear Gas) ਦੀ ਵਰਤੋਂ ਕੀਤੀ ਗਈ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਪਥਰਾਅ ਹੋਣ ਦੀਆਂ ਵੀਡਿਓਜ਼ ਵੀ ਸਾਹਮਣੇ ਆ ਰਹੀਆਂ ਹਨ
ਕਿਉਂ ਭੜਕੀ ਹਿੰਸਾ?
ਜਾਣਕਾਰੀ ਅਨੁਸਾਰ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਜੇਲ੍ਹ ਵਿੱਚ ਬੰਦ ਆਪਣੇ ਦੋ ਆਗੂਆਂ—ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਲਈ ਬਠਿੰਡਾ ਦੇ DC ਦਫ਼ਤਰ ਦਾ ਘੇਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਦੋਂ ਕਿਸਾਨ ਪਿੰਡ ਜਿਉਂਦ ਤੋਂ ਬਠਿੰਡਾ ਵੱਲ ਕੂਚ ਕਰਨ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ
ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਛੱਡੇ। ਦੋਸ਼ ਹੈ ਕਿ ਕੁਝ ਗੋਲੇ ਪਿੰਡ ਦੇ ਘਰਾਂ ਵਿੱਚ ਵੀ ਜਾ ਡਿੱਗੇ, ਜਿਸ ਕਾਰਨ ਆਮ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋਈ। ਗੁੱਸੇ ਵਿੱਚ ਆਏ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਸਿੱਧਾ ਟਕਰਾਅ ਹੋਇਆ। ਦੋਵਾਂ ਪਾਸਿਆਂ ਤੋਂ ਇੱਕ-ਦੂਜੇ ‘ਤੇ ਪਥਰਾਅ ਕੀਤਾ ਗਿਆ। ਇਸ ਝੜਪ ਦੌਰਾਨ ਕੁਝ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨੈਸ਼ਨਲ ਹਾਈਵੇਅ ਨੂੰ ਜਾਮ ਹੋਣ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ ਹੈ। ਦੂਜੇ ਪਾਸੇ, ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲਿਸ ਦੇ ਜ਼ੋਰ ‘ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀ ਰਿਹਾਅ ਨਹੀਂ ਹੁੰਦੇ, ਸੰਘਰਸ਼ ਜਾਰੀ ਰਹੇਗਾ
ਇਸ ਵੇਲੇ ਪਿੰਡ ਜਿਉਂਦ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਲਾਕੇ ਵਿੱਚ ਅਜੇ ਵੀ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ
