ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ, ਚਰਨਜੀਤ ਚੰਨੀ ਨੂੰ ਦਿੱਤੀ ਵੱਡੀ ਜਿੰਮੇਵਾਰੀ

ਨਵੀ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਪੰਜਾਬ ਕਾਂਗਰਸ ਦੇ ਸੰਗਠਨ ਵਿੱਚ ਨਵੇਂ ਬਦਲਾਅ ਕੀਤੇ ਗਏ ਹਨ। ਪਾਰਟੀ ਨੇ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਕਮੇਟੀਆਂ ਲਈ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ।

ਚਰਨਜੀਤ ਸਿੰਘ ਚੰਨੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਉਹ ਚੋਣ ਮੁਹਿੰਮ ਨਾਲ ਜੁੜੀਆਂ ਗਤੀਵਿਧੀਆਂ ਦੀ ਅਗਵਾਈ ਕਰਨਗੇ।

ਵਿਜੇ ਇੰਦਰ ਸਿੰਗਲਾ ਸੰਭਾਲਣਗੇ ਚੋਣ ਪ੍ਰਬੰਧਨ

ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਜ਼ਿੰਮੇਵਾਰੀ ਚੋਣਾਂ ਨਾਲ ਸਬੰਧਤ ਪ੍ਰਬੰਧ ਅਤੇ ਤਾਲਮੇਲ ਨੂੰ ਮਜ਼ਬੂਤ ਕਰਨਾ ਹੋਵੇਗੀ।

ਰੰਧਾਵਾ ਅਤੇ ਅਮਰ ਸਿੰਘ ਨੂੰ ਵੀ ਅਹਿਮ ਭੂਮਿਕਾਵਾਂ

ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅਮਰ ਸਿੰਘ ਨੂੰ ਪਾਰਟੀ ਦੀ ਮੈਨੀਫੈਸਟੋ ਕਮੇਟੀ ਦੀ ਕਮਾਨ ਸੌਂਪੀ ਗਈ ਹੈ। ਉਹ ਚੋਣ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਦੀ ਅਗਵਾਈ ਕਰਨਗੇ।

ਵੜਿੰਗ ਅਤੇ ਬਾਜਵਾ ਆਪਣੀਆਂ ਮੌਜੂਦਾ ਜ਼ਿੰਮੇਵਾਰੀਆਂ ‘ਤੇ ਕਾਇਮ

ਪਾਰਟੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਮਰਿੰਦਰ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਇਸੇ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ‘ਤੇ ਬਰਕਰਾਰ ਰਹਿਣਗੇ।