ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਖ਼ਤਰਨਾਕ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਅਹਿਮ ਮੈਂਬਰ ਬੌਬੀ ਕਬੂਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੌਬੀ ਕਬੂਤਰ ਪਿਛਲੇ ਕਈ ਸਾਲਾਂ ਤੋਂ ਫ਼ਰਾਰ ਚੱਲ ਰਿਹਾ ਸੀ ਅਤੇ ਪੁਲਿਸ ਦੀਆਂ ਨਜ਼ਰਾਂ ਤੋਂ ਬਚ ਕੇ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ

ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧ
ਪੁਲਿਸ ਦੀ ਮੁਢਲੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਬੌਬੀ ਕਬੂਤਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਰੇਕੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਦਾ ਬੇਹੱਦ ਭਰੋਸੇਮੰਦ ਸਾਥੀ ਹੈ ਅਤੇ ਕਤਲ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਜ਼ਮੀਨੀ ਪੱਧਰ ‘ਤੇ ਜਾਣਕਾਰੀ ਇਕੱਠੀ ਕਰਨ ਦਾ ਜ਼ਿੰਮਾ ਉਸ ਕੋਲ ਸੀ

ਕਤਲ ਦੀ ਪੂਰੀ ਕਹਾਣੀ
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ।

ਹਮਲਾਵਰਾਂ ਨੇ ਮੂਸੇਵਾਲਾ ਦੀ ਗੱਡੀ ਨੂੰ ਘੇਰ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ। ਪੰਜਾਬ ਪੁਲਿਸ ਅਤੇ SIT ਦੀ ਜਾਂਚ ਮੁਤਾਬਕ, ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਇਸ ਕਤਲ ਦਾ ਮੁੱਖ ਸਾਜ਼ਿਸ਼ਘੜਾ (Mastermind) ਸੀ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ।

ਬਿਸ਼ਨੋਈ ਦਾ ਕਬੂਲਨਾਮਾ
ਜਾਂਚ ਦੌਰਾਨ ਲਾਰੈਂਸ ਬਿਸ਼ਨੋਈ ਨੇ ਮੰਨਿਆ ਸੀ ਕਿ ਉਸ ਨੇ ਹੀ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਈ ਸੀ ਅਤੇ ਉਸ ਦੀ ਹਰ ਹਰਕਤ ‘ਤੇ ਨਜ਼ਰ ਰੱਖਣ ਲਈ ਰੇਕੀ ਕਰਵਾਈ ਸੀ। ਹਾਲਾਂਕਿ, ਉਸ ਨੇ ਦਾਅਵਾ ਕੀਤਾ ਸੀ ਕਿ ਉਹ ਸਿੱਧੇ ਤੌਰ ‘ਤੇ ਸ਼ੂਟਰਾਂ ਨੂੰ ਨਹੀਂ ਜਾਣਦਾ ਸੀ

ਹੁਣ ਤੱਕ ਦੀਆਂ ਵੱਡੀਆਂ ਗ੍ਰਿਫ਼ਤਾਰੀਆਂ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੁਣ ਤੱਕ ਦਰਜਨਾਂ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ। ਹਾਲ ਹੀ ਵਿੱਚ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਸਮੇਤ ਕਈ ਹਾਈ-ਪ੍ਰੋਫਾਈਲ ਗ੍ਰਿਫ਼ਤਾਰੀਆਂ ਹੋਈਆਂ ਹਨ। ਹੁਣ ਬੌਬੀ ਕਬੂਤਰ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਦੀਆਂ ਕਈ ਹੋਰ ਪਰਤਾਂ ਖੁੱਲ੍ਹਣ ਦੀ ਉਮੀਦ ਹੈ।