ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਇੱਕ ਅਹਿਮ ਬਿਆਨ ਦਿੱਤਾ ਹੈ। ਬਘੇਲ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਤਾਂ ਪਾਰਟੀ ਹਾਈਕਮਾਂਡ ਇਸ ‘ਤੇ ਵਿਚਾਰ ਕਰੇਗੀ
ਘੁਟਣ ਮਹਿਸੂਸ ਕਰ ਰਹੇ ਹਨ ਕੈਪਟਨ: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸੁਣਿਆ ਹੈ ਕਿ 82 ਸਾਲਾ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ “ਘੁਟਣ” ਮਹਿਸੂਸ ਕਰ ਰਹੇ ਹਨ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਫੋਰੈਕਸ ਨਿਯਮਾਂ ਦੀ ਕਥਿਤ ਉਲੰਘਣਾ (FEMA) ਦੇ 2016 ਦੇ ਇੱਕ ਮਾਮਲੇ ਵਿੱਚ ਕੈਪਟਨ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਕੈਪਟਨ ਨੇ ਹਾਲ ਹੀ ਵਿੱਚ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਗੋਡੇ ਬਦਲਵਾਉਣ ਦੀ ਸਰਜਰੀ ਕਰਵਾਈ ਹੈ।
ਕੈਪਟਨ ਦਾ ਕੀ ਹੈ ਸਟੈਂਡ?
ਹਾਲਾਂਕਿ ਕਾਂਗਰਸ ਵੱਲੋਂ ਦਰਵਾਜ਼ੇ ਖੁੱਲ੍ਹੇ ਹੋਣ ਦੀ ਗੱਲ ਕਹੀ ਜਾ ਰਹੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਅਤੀਤ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਨੇ ਪਹਿਲਾਂ ਕਿਹਾ ਸੀ:
“ਜਿਸ ਤਰੀਕੇ ਨਾਲ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਅਤੇ ਪਾਰਟੀ ਵਿੱਚੋਂ ਬਾਹਰ ਕੀਤਾ ਗਿਆ, ਉਸ ਦਾ ਦਰਦ ਅੱਜ ਵੀ ਹੈ। ਕਾਂਗਰਸ ਵਿੱਚ ਵਾਪਸੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2021 ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ 2022 ਵਿੱਚ ਭਾਜਪਾ ਦਾ ਪੱਲਾ ਫੜਿਆ ਸੀ। ਉਨ੍ਹਾਂ ਨੇ ਕਾਂਗਰਸ ਛੱਡਣ ਵੇਲੇ ਪਾਰਟੀ ਦੀ ਕਾਰਜਪ੍ਰਣਾਲੀ ‘ਤੇ ਕਈ ਸਵਾਲ ਚੁੱਕੇ ਸਨ। ਹੁਣ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ED ਨੂੰ ਆਮਦਨ ਕਰ ਵਿਭਾਗ ਦੇ ਰਿਕਾਰਡ ਦੀ ਜਾਂਚ ਦੀ ਇਜਾਜ਼ਤ ਦੇ ਦਿੱਤੀ ਹੈ, ਤਾਂ ਸਿਆਸੀ ਮਾਹਰ ਇਸ ਸਮੇਂ ਨੂੰ ਕਾਫੀ ਅਹਿਮ ਮੰਨ ਰਹੇ ਹਨ

