ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਨਾਲ ਕੀਤੀ ਮੁਲਾਕਾਤ, ਕੇਜਰੀਵਾਲ ਤੇ ਸਿਸੋਦੀਆ ਵੀ ਸਨ ਮੌਜੂਦ

ਬੈਂਗਲੁਰੂ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਵਿਖੇ ਪ੍ਰਸਿੱਧ ਅਧਿਆਤਮਿਕ ਗੁਰੂ ਸ੍ਰੀ ਸ੍ਰੀ ਰਵੀ ਸ਼ੰਕਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਗੁਰੂ ਜੀ ਨਾਲ ਸਮਾਜ ਭਲਾਈ, ਸਿੱਖਿਆ ਦੇ ਪਸਾਰ, ਮਾਨਸਿਕ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਰਗੇ ਅਹਿਮ ਵਿਸ਼ਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਇਸ ਮੌਕੇ ਆਗੂਆਂ ਨੇ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।

ਜ਼ਿਕਰਯੋਗ ਹੈ ਕਿ ਅਧਿਆਤਮਿਕ ਗੁਰੂ ਸ੍ਰੀ ਸ੍ਰੀ ਰਵੀ ਸ਼ੰਕਰ ਦੇ ਪੰਜਾਬ ਨਾਲ ਪੁਰਾਣੇ ਅਤੇ ਡੂੰਘੇ ਸਬੰਧ ਰਹੇ ਹਨ। ਇਸ ਤੋਂ ਪਹਿਲਾਂ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਇੱਕ ਵਿਸ਼ੇਸ਼ ਅੰਤਰ-ਧਰਮ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਪੰਜਾਬ ਵੀ ਆਏ ਸਨ।