ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਵਿਦਿਆਰਥੀ ਅੰਦੋਲਨ ਨੂੰ ਰੋਕਣ ਤੋਂ ਕੁਝ ਦਿਨ ਬਾਅਦ ਕਾਕਰੋਚ ਜਨਤਾ ਪਾਰਟੀ ਨੇ ਮੁੜ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਹੈ। ਸੰਗਠਨ ਦਾ ਦੋਸ਼ ਹੈ ਕਿ ਸਰਕਾਰ ਨਾਲ ਹੋਏ ਸਮਝੌਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਕਾਰਵਾਈ ਜਾਰੀ ਹੈ
CJP ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਖ਼ਿਲਾਫ਼ ਦਰਜ ਮਾਮਲਿਆਂ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਹਿਰਾਸਤ ਵਿੱਚ ਲਏ ਗਏ ਵਿਦਿਆਰਥੀਆਂ ਨੂੰ ਰਿਹਾਅ ਕੀਤਾ ਜਾਵੇ। ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ‘ਤੇ ਕਾਰਵਾਈ ਨਾ ਹੋਈ ਤਾਂ ਉਹ ਮੁੜ ਸੜਕਾਂ ‘ਤੇ ਉਤਰ ਕੇ ਅੰਦੋਲਨ ਕਰਨ ਲਈ ਮਜਬੂਰ ਹੋਣਗੇ
CJP ਦੇ ਬੁਲਾਰੇ ਆਸ਼ੂਤੋਸ਼ ਰੰਕਾ ਨੇ ਦੋਸ਼ ਲਗਾਇਆ ਕਿ ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਕਈ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦਿੱਲੀ ਸਮੇਤ ਹੋਰ ਸੂਬਿਆਂ ਵਿੱਚ ਪ੍ਰਦਰਸ਼ਨ ਨਾਲ ਜੁੜੇ ਲੋਕਾਂ ਨੂੰ ਪਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ
ਉਨ੍ਹਾਂ ਨੇ ਸਰਕਾਰ ਨਾਲ ਗੱਲਬਾਤ ਕਰਨ ਵਾਲੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਸਾਰੇ FIR ਵਾਪਸ ਲਏ ਜਾਣ ਅਤੇ ਭਵਿੱਖ ਵਿੱਚ ਵੀ ਕਿਸੇ ਤਰ੍ਹਾਂ ਦੀ ਪੁਲਿਸ ਕਾਰਵਾਈ ਨਾ ਕੀਤੀ ਜਾਵੇ।
ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਰੋਕਿਆ ਸੀ ਅੰਦੋਲਨ
ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨਾਲ ਤੀਜੇ ਦੌਰ ਦੀ ਗੱਲਬਾਤ ਤੋਂ ਬਾਅਦ CJP ਨੇ ਆਪਣਾ 37 ਦਿਨਾਂ ਤੋਂ ਚੱਲ ਰਿਹਾ ਜੰਤਰ-ਮੰਤਰ ਅੰਦੋਲਨ “ਭਰੋਸੇ” ਦੇ ਆਧਾਰ ‘ਤੇ ਖਤਮ ਕਰਨ ਦਾ ਐਲਾਨ ਕੀਤਾ ਸੀ। ਸੰਗਠਨ ਮੁਤਾਬਕ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲੇ ਵਾਪਸ ਲੈਣ ਅਤੇ NEET ਨਾਲ ਜੁੜੇ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਵਰਗੇ ਮੁੱਦਿਆਂ ‘ਤੇ ਸਹਿਮਤੀ ਬਣੀ ਸੀ।
ਹੁਣ CJP ਦਾ ਕਹਿਣਾ ਹੈ ਕਿ ਜੇਕਰ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਅੰਦੋਲਨ ਦੁਬਾਰਾ ਸ਼ੁਰੂ ਕੀਤਾ ਜਾ ਸਕਦਾ ਹੈ।