- ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅਬੋਹਰ ‘ਚ ਹੋਇਆ ਵੱਡਾ ਸਮਾਗਮ, 1 ਕਰੋੜ ਔਰਤਾਂ ਨੂੰ ਯੋਜਨਾ ਨਾਲ ਜੋੜਨ ਦਾ ਟੀਚਾ
ਅਬੋਹਰ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਅਬੋਹਰ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬੇ ਦੀਆਂ 37 ਲੱਖ 43 ਹਜ਼ਾਰ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 1291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ।
CM ਮਾਨ ਨੇ ਇਸ ਯੋਜਨਾ ਨੂੰ ‘ਸੋਸ਼ਲ ਰੈਵੋਲਿਊਸ਼ਨ’ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਧੀਆਂ ਅਤੇ ਭੈਣਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਦੇ ਸਵੈ-ਮਾਣ ਵਿੱਚ ਵਾਧਾ ਹੋਵੇਗਾ। ਉਨ੍ਹਾਂ ਮੁਤਾਬਕ ਮਹਿਲਾਵਾਂ ਨੂੰ ਆਰਥਿਕ ਆਜ਼ਾਦੀ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਦਾ ਟੀਚਾ ਪੰਜਾਬ ਦੀਆਂ ਇੱਕ ਕਰੋੜ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਮਰੱਥ ਬਣਾਉਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ।
ਇਸ ਯੋਜਨਾ ਰਾਹੀਂ ਸਰਕਾਰ ਮਹਿਲਾਵਾਂ ਨੂੰ ਆਰਥਿਕ ਸਹਾਰਾ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਅਤੇ ਵਿੱਤੀ ਖੁਦਮੁਖਤਿਆਰੀ ਨੂੰ ਵੀ ਉਤਸ਼ਾਹਿਤ ਕਰਨਾ ਚਾਹੁੰਦੀ ਹੈ।
