ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕਰਦਿਆ ਕਿਹਾ ਕਿ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸਰਟੀਫਿਕੇਟ (ਐਨ.ਓ.ਸੀ.) ਦੇ ਸਿਸਟਮ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਐਨਓਸੀ ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।