ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ । ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ‘ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ ਤੇ ਉਹ ਨਹੀਂ ਚਾਹੁੰਦੇ ਕਿ ਸੂਬੇ ਦਾ ਕੋਈ ਵੀ ਨੌਜਵਾਨ ਵਾਟਰ ਕੈਨਨ ਜਾਂ ਅੱਥਰੂ ਗੈਸ ਦੇ ਗੋਲੇ ਅੱਗੇ ਖੜ੍ਹਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਹਰਿਆਣਾ ਨਾਲ ਲੱਗਦੀਆਂ ਸੂਬੇ ਦੀਆਂ ਸਰਹੱਦਾਂ ‘ਤੇ ਕੰਡਿਆਲੀ ਵਾੜ ਲਗਾਈ ਗਈ ਹੈ ਜੋ ਕਿ ਜਾਇਜ਼ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਮਤਰੇਈ ਮਾਂ ਵਾਲਾ ਸਲੂਕ ਗੈਰਵਾਜਬ ਅਤੇ ਅਣਇੱਛਤ ਹੈ।