ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ; ਬੇਅਦਬੀ ਕਾਨੂੰਨ ‘ਚ ਸੋਧ ਨੂੰ ਦੱਸਿਆ ‘ਗੁਰੂ ਦੀ ਬਖ਼ਸ਼ਿਸ਼’

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ‘ਸ਼ੁਕਰਾਨਾ ਯਾਤਰਾ’ ਦੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਦੀ ਅਮਨ-ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬੇਅਦਬੀ ਮਾਮਲਿਆਂ ‘ਚ ਸਖ਼ਤ ਸਜ਼ਾ ਸਬੰਧੀ ਕਾਨੂੰਨੀ ਸੋਧਾਂ ਅਤੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਖੁੱਲ੍ਹ ਕੇ ਚਰਚਾ ਕੀਤੀ

ਬੇਅਦਬੀ ਵਿਰੋਧੀ ਕਾਨੂੰਨ: “ਇਹ ਸੇਵਾ ਗੁਰੂ ਸਾਹਿਬ ਨੇ ਮੇਰੇ ਤੋਂ ਲਈ”
ਮੁੱਖ ਮੰਤਰੀ ਨੇ ਬੇਅਦਬੀ ਮਾਮਲਿਆਂ ਵਿੱਚ ਉਮਰ ਕੈਦ ਵਰਗੀ ਸਖ਼ਤ ਸਜ਼ਾ ਦੇ ਕਾਨੂੰਨ ਨੂੰ ਰਾਜਪਾਲ ਦੀ ਮਨਜ਼ੂਰੀ ਮਿਲਣ ‘ਤੇ ਖ਼ੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ:

“ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਕਾਨੂੰਨੀ ਮਾਨਤਾ ਮਿਲ ਗਈ ਹੈ।”

ਮਾਨ ਨੇ ਇਸ ਨੂੰ ‘ਗੁਰੂ ਮਹਾਰਾਜ ਦੀ ਬਖ਼ਸ਼ਿਸ਼’ ਦੱਸਦਿਆਂ ਕਿਹਾ ਕਿ ਜਨਤਾ ਵੱਲੋਂ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਕਿਸੇ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੀ ਵਿਧਾਨ ਸਭਾ ਦਾ ਫੈਸਲਾ ਹੈ।

ਈਡੀ (ED) ਦੀਆਂ ਰੇਡਾਂ ‘ਤੇ ਸਪੱਸ਼ਟੀਕਰਨ
ਅੱਜ ਖਰੜ ਚ’ ਹੋਈ ED ਦੀ ਰੇਡ ਤੇ’ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਨ੍ਹਾਂ ਰੇਡਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇੱਕ ਨਿੱਜੀ ਕੰਪਨੀ ਵਿਰੁੱਧ ਹੈ ਅਤੇ ਸਰਕਾਰ ਦਾ ਕੋਈ ਵੀ ਮੈਂਬਰ ਇਸ ਵਿੱਚ ਸ਼ਾਮਲ ਨਹੀਂ ਹੈ

SGPC ਚੋਣਾਂ ਵਿੱਚ ਦੇਰੀ ‘ਤੇ ਨਿਸ਼ਾਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਵਿੱਚ ਹੋ ਰਹੀ ਦੇਰੀ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਆਗੂਆਂ ‘ਤੇ ਸਿੱਧਾ ਹਮਲਾ ਬੋਲਿਆ। ਉਨ੍ਹਾਂ ਇਲਜ਼ਾਮ ਲਾਇਆ ਕਿ:

“ਚੋਣਾਂ ਨਾ ਕਰਵਾਉਣਾ ਐਸਜੀਪੀਸੀ ਦੇ ‘ਆਕਾਵਾਂ’ ਦੀ ਸਾਜ਼ਿਸ਼ ਹੈ। ਜਿਹੜੇ ਲੋਕ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਹਨ, ਉਹੀ ਹੁਣ ਨਵੇਂ ਬਣੇ ਸਖ਼ਤ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।”

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪੇਸ਼ੀ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਮਾਮਲੇ ‘ਤੇ ਮਾਨ ਨੇ ਦੱਸਿਆ ਕਿ ਸਪੀਕਰ ਕੱਲ੍ਹ ਆਪਣਾ ਪੱਖ ਰੱਖਣ ਲਈ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਵਿਅਕਤੀ ਵੀ ਗੁਰੂ ਘਰ ਪ੍ਰਤੀ ਪੂਰੀ ਸ਼ਰਧਾ ਰੱਖਦੇ ਹਨ।

#BhagwantMann #GoldenTemple #PunjabNews #SacrilegeLaw #Amritsar #SGPC #PunjabPolitics #BreakingNewsPunjabi