ਚੰਡੀਗੜ੍ਹ:ਪੰਜਾਬ ਵਿੱਚ ਸਰਕਾਰੀ ਟਰਾਂਸਪੋਰਟ ਪ੍ਰਣਾਲੀ ਅਤੇ ਆਵਾਜਾਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਮਾਨ ਸਰਕਾਰ ਦੀ ਗਤੀਸ਼ੀਲ ਅਗਵਾਈ ਹੇਠ ਪਿਛਲੇ 4 ਸਾਲਾਂ ਵਿੱਚ PRTC (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਨੇ ਲਗਾਤਾਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਿਆ ਹੈ, ਜਿਸਦੇ ਤਹਿਤ ਅੱਜ ਵਿਭਾਗ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਗਈ।

PRTC ਦੇ ਬੇੜੇ ‘ਚ ਸ਼ਾਮਲ ਹੋਈਆਂ 250 ਨਵੀਆਂ ਬੱਸਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PRTC ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਗਈਆਂ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਆਧੁਨਿਕ ਸਹੂਲਤਾਂ ਵਾਲੀਆਂ ਬੱਸਾਂ ਪੰਜਾਬ ਦੇ ਵੱਖ-ਵੱਖ ਰੂਟਾਂ ‘ਤੇ ਚੱਲਣਗੀਆਂ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਔਰਤਾਂ (ਜਿਨ੍ਹਾਂ ਲਈ ਮੁਫਤ ਸਫਰ ਦੀ ਸਹੂਲਤ ਜਾਰੀ ਹੈ) ਅਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਸਫ਼ਰ ਵਿੱਚ ਵੱਡੀ ਰਾਹਤ ਮਿਲੇਗੀ।
ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੀ.ਆਰ.ਟੀ.ਸੀ. ਨੂੰ ਮੁਨਾਫੇ ਵਾਲਾ ਅਦਾਰਾ ਬਣਾਉਣ ਲਈ ਲਗਾਤਾਰ ਸਾਰਥਕ ਯਤਨ ਕੀਤੇ ਗਏ ਹਨ, ਅਤੇ ਇਨ੍ਹਾਂ ਨਵੀਆਂ ਬੱਸਾਂ ਦੇ ਆਉਣ ਨਾਲ ਸਰਕਾਰੀ ਖਜ਼ਾਨੇ ਅਤੇ ਲੋਕ ਸਹੂਲਤਾਂ ਦੋਵਾਂ ਵਿੱਚ ਵਾਧਾ ਹੋਵੇਗਾ।

CM ਮਾਨ ਨੇ ਡਰਾਈਵਰਾਂ ਅਤੇ ਕੰਡਕਟਰਾਂ ਦੀ ਕੀਤੀ ਹੌਸਲਾ ਅਫ਼ਜ਼ਾਈ
ਬੱਸਾਂ ਨੂੰ ਰਵਾਨਾ ਕਰਨ ਦੇ ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ PRTC ਮੁਲਾਜ਼ਮਾਂ, ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਦੀ ਕਾਮਯਾਬੀ ਦਾ ਅਸਲੀ ਸਿਹਰਾ ਡਰਾਈਵਰਾਂ ਅਤੇ ਕੰਡਕਟਰਾਂ ਦੀ ਦਿਨ-ਰਾਤ ਦੀ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ।

