ਚੰਡੀਗੜ੍ਹ: ਮੱਧ ਪੂਰਬ (Middle East) ਵਿੱਚ ਜਾਰੀ ਜੰਗ ਵਰਗੇ ਹਾਲਾਤਾਂ ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਨਾਗਰਿਕਾਂ ਦੀ ਸਹਾਇਤਾ ਅਤੇ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਲਈ ਦੋ ਸੀਨੀਅਰ ਅਧਿਕਾਰੀਆਂ ਦੀ ਨਿਯੁਕਤੀ ਕਰ ਦਿੱਤੀ ਹੈ
ਸਹਾਇਤਾ ਲਈ ਤਾਇਨਾਤ ਕੀਤੇ ਗਏ ਅਧਿਕਾਰੀ
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਤੁਰੰਤ ਪ੍ਰਭਾਵ ਨਾਲ ਇੱਕ 24×7 ਹੈਲਪਲਾਈਨ ਸਥਾਪਿਤ ਕੀਤੀ ਗਈ ਹੈ। ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੇਠ ਲਿਖੇ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ:
ਆਰ.ਕੇ. ਜੈਸਵਾਲ (ADGP): ਹੈਲਪਲਾਈਨ ਦੇ ਓਵਰਆਲ ਇੰਚਾਰਜ ਵਜੋਂ ਨਿਯੁਕਤ
ਵਿਮਲ ਸੇਤੀਆ (ਸਕੱਤਰ, ਗ੍ਰਹਿ ਵਿਭਾਗ): ਤਾਲਮੇਲ ਅਤੇ ਨਿਗਰਾਨੀ ਲਈ ਨੋਡਲ ਅਧਿਕਾਰੀ ਬਣਾਇਆ ਗਿਆ ਹੈ
ਭਾਰਤ ਸਰਕਾਰ ਨਾਲ ਲਗਾਤਾਰ ਸੰਪਰਕ
ਨੋਡਲ ਅਧਿਕਾਰੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ (MEA) ਨਾਲ ਨਿਰੰਤਰ ਸੰਪਰਕ ਵਿੱਚ ਰਹਿਣ। ਉਹ ਮੱਧ ਪੂਰਬ ਅਤੇ ਹੋਰਨਾਂ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਪਲ-ਪਲ ਦੀ ਰਿਪੋਰਟ ਲੈਣਗੇ। ਹੈਲਪਲਾਈਨ ‘ਤੇ ਆਉਣ ਵਾਲੀਆਂ ਸਾਰੀਆਂ ਕਾਲਾਂ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਲੋੜ ਪੈਣ ‘ਤੇ ਮਾਮਲਿਆਂ ਨੂੰ ਤਰਜੀਹ ਦੇ ਆਧਾਰ ‘ਤੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ।
