ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨਾਲ ਮੁੱਖ ਮੰਤਰੀ ਦੀ ਅਹਿਮ ਮੀਟਿੰਗ, ਮੰਗਾਂ ’ਤੇ ਹੋਈ ਵਿਸਥਾਰਪੂਰਵਕ ਚਰਚਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਕੌਮੀ ਇਨਸਾਫ਼ ਮੋਰਚੇ’ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਨਾਲ ਸਬੰਧਤ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਮੋਰਚੇ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਮਸਲੇ ਦਾ ਸਾਰਥਕ ਹੱਲ ਕੱਢਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ
CM ਮਾਨ ਨੇ ਉਮੀਦ ਜਤਾਈ ਕਿ ਇਸ ਮੁੱਦੇ ’ਤੇ ਕੀਤੇ ਜਾ ਰਹੇ ਯਤਨਾਂ ਦੇ ਜਲਦ ਹੀ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ। ਮੀਟਿੰਗ ਦੌਰਾਨ ਮੋਰਚੇ ਵੱਲੋਂ ਉਠਾਈਆਂ ਗਈਆਂ ਮੰਗਾਂ ’ਤੇ ਚਰਚਾ ਨੂੰ ਇਸ ਦਿਸ਼ਾ ਵਿੱਚ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ
ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਬੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਪੰਥਕ ਹਲਕਿਆਂ ਵੱਲੋਂ ਉਠਾਇਆ ਜਾਂਦਾ ਰਿਹਾ ਹੈ। ਹੁਣ ਇਸ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਅਤੇ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਅਗਲੀ ਕਾਰਵਾਈ ਅਤੇ ਸੰਭਾਵੀ ਨਤੀਜਿਆਂ ’ਤੇ ਨਜ਼ਰ ਰਹੇਗੀ
