ਫਿਲੌਰ: ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਲੈ ਕੇ SHO ਪੱਧਰ ਤੱਕ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਅਤੇ ਪੁਲਿਸ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਨੂੰ ਹਰ ਸੰਭਵ ਸਹਿਯੋਗ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਿੱਚ ਬਿਨਾਂ ਕਿਸੇ ਸਿਫ਼ਾਰਸ਼ ਦੇ 10,000 ਨਵੀਆਂ ਭਰਤੀਆਂ ਕਰਨ ਦੀ ਵੀ ਯੋਜਨਾ ਹੈ। ਸਰਕਾਰ ਵੱਲੋਂ ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਆਧੁਨਿਕ ਸਾਧਨਾਂ ਨਾਲ ਲੈਸ ਕਰਨ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।
CM ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਅਤੇ ਪੁਲਿਸ ਮਿਲ ਕੇ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਵਿੱਚ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

