ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਭਰ ’ਚ ਖੁੱਲ੍ਹੇ 1000 ਆਧੁਨਿਕ ਖੇਡ ਮੈਦਾਨ - Punjab Nation TV

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਭਰ ’ਚ ਖੁੱਲ੍ਹੇ 1000 ਆਧੁਨਿਕ ਖੇਡ ਮੈਦਾਨ

ਚੰਡੀਗੜ੍ਹ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਪਹਿਲ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ 1000 ਨਵੇਂ ਆਧੁਨਿਕ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਪੰਜਾਬ ਦੀ ਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਦੱਸਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਖੇਡਾਂ ਦੇ ਮੈਦਾਨਾਂ ਵੱਲ ਲਿਆਉਣ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।


ਖਿਡਾਰੀਆਂ ਨੂੰ ਮਿਲਣਗੀਆਂ ਆਧੁਨਿਕ ਸਹੂਲਤਾਂ


ਮੁੱਖ ਮੰਤਰੀ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਇਨ੍ਹਾਂ ਨਵੇਂ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਕਈ ਆਧੁਨਿਕ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਵਿੱਚ ਉੱਚ ਪੱਧਰੀ ਖੇਡ ਟਰੈਕ, ਰਾਤ ਸਮੇਂ ਖੇਡਣ ਲਈ ਫਲੱਡ ਲਾਈਟਾਂ, ਖੇਡ ਕਿੱਟਾਂ ਅਤੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਸ਼ਾਮਲ ਹੈ।

ਇਨ੍ਹਾਂ ਸਹੂਲਤਾਂ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੇ ਇਲਾਕਿਆਂ ਵਿੱਚ ਹੀ ਖੇਡਾਂ ਦੀ ਬਿਹਤਰ ਸਿਖਲਾਈ ਅਤੇ ਅਭਿਆਸ ਕਰਨ ਦਾ ਮੌਕਾ ਮਿਲੇਗਾ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਰਕਾਰ ਦਾ ਟੀਚਾ


CM ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨੌਜਵਾਨ ਇਨ੍ਹਾਂ ਖੇਡ ਮੈਦਾਨਾਂ ਵਿੱਚ ਮਿਹਨਤ ਅਤੇ ਅਭਿਆਸ ਕਰਕੇ ਸੂਬੇ ਦਾ ਨਾਮ ਦੇਸ਼ ਅਤੇ ਦੁਨੀਆ ਭਰ ਵਿੱਚ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨ ਵੱਲ ਲਿਜਾਣ ਅਤੇ ਖੇਡਾਂ ਵਿੱਚ ਅੱਗੇ ਵਧਾਉਣ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ।