ਪੰਜਾਬ ‘ਚ Dengue ਦਾ ਕਹਿਰ, ਬਠਿੰਡਾ ‘ਚ ਮਿਲੇ 70 ਮਾਮਲੇ

ਪੰਜਾਬ: ਮੀਂਹ ਕਾਰਨ ਆਏ ਹੜ੍ਹਾਂ ਤੋਂ ਬਾਅਦ ਹੁਣ ਪੰਜਾਬ ਦੇ ਲੋਕ ਡੇਂਗੂ ਦਾ ਕਹਿਰ ਝੱਲ ਰਹੇ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਡੇਂਗੂ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਣ ਕਾਰਨ ਦਹਿਸ਼ਤ ਫੈਲ ਗਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਪਿਛਲੇ ਦਿਨਾਂ ‘ਚ ਡੇਂਗੂ ਦੇ 291 ਦੇ ਕਰੀਬ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਵੀ ਪ੍ਰਾਪਤ ਹੋਇਆ ਹੈ।

ਸਟੇਟ ਪ੍ਰੋਗਰਾਮ ਅਫ਼ਸਰ ਡਾ: ਅਰਸ਼ਦੀਪ ਕੌਰ ਨੇ ਦੱਸਿਆ ਕਿ ਜਾਂਚ ਤੋਂ ਬਾਅਦ 4591 ਘਰਾਂ ਅਤੇ 5584 ਡੱਬਿਆਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਹਾਲਾਂਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਜਾਂਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਸਫਾਈ ਲਈ ਅਪੀਲ ਕਰ ਰਹੀਆਂ ਹਨ।

ਦੱਸ ਦੇਈਏ ਕਿ ਬਠਿੰਡਾ ਜ਼ਿਲ੍ਹੇ ਵਿੱਚ ਡੇਂਗੂ ਦੇ 70, ਫਿਰੋਜ਼ਪੁਰ ਵਿੱਚ 31, ਕਪੂਰਥਲਾ ਵਿੱਚ 23, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ 22-22 ਮਾਮਲੇ ਸਾਹਮਣੇ ਆਏ ਹਨ। ਡੇਂਗੂ ਦੀ ਰੋਕਥਾਮ ਲਈ ਸੂਬੇ ਵਿੱਚ 855 ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਇਹ ਟੀਮਾਂ ਰਿਹਾਇਸ਼ੀ ਅਤੇ ਵਪਾਰਕ ਇਲਾਕਿਆਂ ਵਿੱਚ ਚੈਕਿੰਗ ਕਰ ਰਹੀਆਂ ਹਨ ਅਤੇ ਲਾਰਵਾ ਮਿਲਣ ‘ਤੇ ਨਸ਼ਟ ਕਰ ਰਹੀਆਂ ਹਨ। ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਸਮੇਤ ਕਈ ਇਲਾਕਿਆਂ ‘ਚ ਘਰਾਂ ‘ਚ ਪਾਣੀ ਜਮ੍ਹਾ ਹੋਣ ‘ਤੇ ਚਲਾਨ ਵੀ ਕੀਤੇ ਜਾ ਰਹੇ ਹਨ।