
ਫਰੀਦਕੋਟ: ਡੇਰਾ ਸੱਚਾ ਸੌਦਾ ਦੇ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਮਨਪ੍ਰੀਤ ਮਨੀ, ਭੁਪਿੰਦਰ ਗੋਲਡੀ ਅਤੇ ਬਲਜੀਤ ਮੰਨਾ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਲੋਂ ਪੰਜ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਭਾਰੀ ਪੁਲਿਸ ਦਲ ਅਧੀਨ ਅੱਜ ਤਿੰਨਾਂ ਨੂੰ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਗਿਆ। ਤਿੰਨਾਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਦੱਸ ਦਇਏ ਕਿ ਹੁਸ਼ਿਆਰਪੁਰ ਪੁਲਿਸ ਅਤੇ ਫਰੀਦਕੋਟ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਡੇਰਾ ਸੱਚਾ ਸੌਦਾ ਦੇ ਪ੍ਰੇਮੀ ਅਤੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਸਿੰਘ ਦੀ ਵੀਰਵਾਰ ਸਵੇਰੇ ਫਰੀਦਕੋਟ ਦੇ ਕੋਟਕਪੂਰਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ਼ੁਰੁਆਤੀ ਕਾਰਵਾਈ ਵਿਚ ਪੁਲਿਸ ਨੇ ਅੱਜ ਹਮਲਾਵਰਾਂ ਵਿੱਚੋ ਦੋ ਦੇ ਘਰਾਂ ‘ਚ ਛਾਪੇਮਾਰੀ ਕੀਤੀ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਫੜੇ ਗਏ ਆਰੋਪੀਆਂ ਤੋਂ ਪੁੱਛਗਿੱਛ ਕਰ ਰਿਹਾ ਹੈ ਤਾਂ ਜੋ ਮਾਮਲੇ ਵਿਚ ਹੋਰ ਵਡੇ ਖੁਲਾਸੇ ਹੋ ਸਕਣ ਅਤੇ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕੇ।
