ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ

ਸਵੇਰੇ 5 ਵਜੇ ਤਿੰਨ ਗੱਡੀਆਂ ‘ਚ ਪਹੁੰਚੀ ED ਦੀ ਟੀਮ, ਕਾਂਗਰਸ ਨੇ ਕਿਹਾ- ਚੋਣਾਂ ਤੋਂ ਪਹਿਲਾਂ ਵਿਰੋਧੀ ਆਗੂਆਂ ਨੂੰ ਡਰਾਉਣ ਦੀ ਹੋ ਰਹੀ ਕੋਸ਼ਿਸ਼

ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਤੇਜ਼ ਹੋ ਗਈ, ਜਦੋਂ ED ਦੀ ਟੀਮ ਨੇ ਹੁਸ਼ਿਆਰਪੁਰ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪੇਮਾਰੀ ਕੀਤੀ। ਸੋਮਵਾਰ ਤੜਕੇ ਹੋਈ ਇਸ ਕਾਰਵਾਈ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਕ, ਚੰਡੀਗੜ੍ਹ ਤੋਂ ਆਈ ED ਦੀ ਟੀਮ ਤਿੰਨ ਗੱਡੀਆਂ ਵਿੱਚ ਸਵੇਰੇ ਕਰੀਬ 5 ਵਜੇ ਜੋਧਾਮਲ ਰੋਡ ਸਥਿਤ ਸੁੰਦਰ ਸ਼ਾਮ ਅਰੋੜਾ ਦੇ ਨਿਵਾਸ ‘ਤੇ ਪਹੁੰਚੀ। ਜਦੋਂ ਸ਼ਹਿਰ ਦੇ ਜ਼ਿਆਦਾਤਰ ਲੋਕ ਸੁੱਤੇ ਹੋਏ ਸਨ, ਉਸ ਸਮੇਂ ਜਾਂਚ ਏਜੰਸੀ ਦੀ ਟੀਮ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।

ED ਦੀ ਕਾਰਵਾਈ ‘ਤੇ ਕਾਂਗਰਸ ਨੇ ਚੁੱਕੇ ਸਵਾਲ

ਇਸ ਛਾਪੇਮਾਰੀ ਤੋਂ ਬਾਅਦ ਕਾਂਗਰਸ ਨੇ ਭਾਜਪਾ ‘ਤੇ ਸਿਆਸੀ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿੱਲ ਨੇ ਇਸ ਕਾਰਵਾਈ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।

ਉਨ੍ਹਾਂ ਦਾ ਦੋਸ਼ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਭਾਜਪਾ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਰਣਨੀਤੀ ਅਪਣਾਈ ਜਾ ਰਹੀ ਹੈ। ਕਾਂਗਰਸ ਨੇ ਇਸ ਕਾਰਵਾਈ ਨੂੰ ਆਗੂਆਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਦੱਸਿਆ ਹੈ।

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਗਰਮਾਈ

ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਇਸ ਕਾਰਵਾਈ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇੱਕ ਪਾਸੇ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਹੈ, ਜਦਕਿ ਦੂਜੇ ਪਾਸੇ ਕਾਂਗਰਸ ਵੱਲੋਂ ਇਸ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਭਾਜਪਾ ‘ਤੇ ਹਮਲਾ ਕੀਤਾ ਜਾ ਰਿਹਾ ਹੈ।