ਹੁਸ਼ਿਆਰਪੁਰ: ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਛਾਪੇਮਾਰੀ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਬੀਤੇ ਦਿਨ ਸਵੇਰੇ ਤੜਕੇ ਸ਼ੁਰੂ ਹੋਈ ਇਸ ਕਾਰਵਾਈ ਨੂੰ 28 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਈ.ਡੀ. ਦੇ ਅਧਿਕਾਰੀ ਅਜੇ ਵੀ ਉਨ੍ਹਾਂ ਦੇ ਘਰ ਅੰਦਰ ਮੌਜੂਦ ਹਨ ਅਤੇ ਵੱਖ-ਵੱਖ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।
ਇਸ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਕਾਫ਼ੀ ਚਰਚਾ ਹੋ ਰਹੀ ਹੈ। ਜਾਂਚ ਦੌਰਾਨ ਜੇਕਰ ਈ.ਡੀ. ਦੇ ਹੱਥ ਕੋਈ ਸ਼ੱਕੀ ਦਸਤਾਵੇਜ਼ ਜਾਂ ਕਥਿਤ ਬੇਨਿਯਮੀਆਂ ਨਾਲ ਸਬੰਧਤ ਸਬੂਤ ਲੱਗਦੇ ਹਨ ਤਾਂ ਸੁੰਦਰ ਸ਼ਾਮ ਅਰੋੜਾ ਦੀਆਂ ਕਾਨੂੰਨੀ ਮੁਸ਼ਕਿਲਾਂ ਵਧ ਸਕਦੀਆਂ ਹਨ।
ਉੱਧਰ, ਜੇਕਰ ਜਾਂਚ ਦੌਰਾਨ ਕੋਈ ਇਤਰਾਜ਼ਯੋਗ ਸਮੱਗਰੀ ਸਾਹਮਣੇ ਨਹੀਂ ਆਉਂਦੀ ਤਾਂ ਇਹ ਅਰੋੜਾ ਦੇ ਪੱਖ ਨੂੰ ਮਜ਼ਬੂਤੀ ਦੇ ਸਕਦਾ ਹੈ। ਉਨ੍ਹਾਂ ਦੇ ਸਮਰਥਕਾਂ ਵੱਲੋਂ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਜਾ ਰਿਹਾ ਹੈ।
ਫਿਲਹਾਲ ਸਭ ਦੀਆਂ ਨਜ਼ਰਾਂ ਈ.ਡੀ. ਦੀ ਜਾਂਚ ਦੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ। ਅਧਿਕਾਰਤ ਤੌਰ ‘ਤੇ ਜਾਂਚ ਸਬੰਧੀ ਕੋਈ ਅੰਤਿਮ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।
