ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੇ ਧਰਨਾ ਕੀਤਾ ਖ਼ਤਮ, 4 ਸਤੰਬਰ ਨੂੰ ਹੋਵੇਗੀ ਮੀਟਿੰਗ

ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ, ਖਨੌਰੀ ਬਾਰਡਰ ‘ਤੇ ਪੱਕਾ ਮੋਰਚਾ ਲਗਾ ਕੇ ਬੈਠੇ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਕਿਸਾਨ ਇੱਥੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੀ 4 ਸਤੰਬਰ ਨੂੰ ਕਿਸਾਨ ਆਗੂਆਂ ਦੀ ਤਿੰਨ ਕੇਂਦਰੀ ਮੰਤਰੀਆਂ ਨਾਲ ਅਹਿਮ ਮੀਟਿੰਗ ਹੋਵੇਗੀ। ਇਸ ਉੱਚ-ਪੱਧਰੀ ਮੀਟਿੰਗ ਵਿੱਚ ਕੇਂਦਰੀ ਮੰਤਰੀ ਮਨੋਹਰ ਲਾਲ ਸਮੇਤ ਦੋ ਹੋਰ ਮੰਤਰੀ ਮੌਜੂਦ ਰਹਿਣਗੇ, ਜਿੱਥੇ ਕਿਸਾਨਾਂ ਦੀਆਂ ਮੰਗਾਂ ਅਤੇ ਮਸਲਿਆਂ ‘ਤੇ ਗੰਭੀਰਤਾ ਨਾਲ ਚਰਚਾ ਕੀਤੀ ਜਾਵੇਗੀ। ਕਿਸਾਨਾਂ ਨੂੰ ਆਸ ਹੈ ਕਿ ਇਸ ਗੱਲਬਾਤ ਰਾਹੀਂ ਉਨ੍ਹਾਂ ਦੇ ਮਸਲਿਆਂ ਦਾ ਕੋਈ ਹੱਲ ਨਿਕਲ ਸਕੇਗਾ।