ਗੁਰਬਾਣੀ ਪ੍ਰਸਾਰਣ ਦਾ ਹੁਣ ਨਹੀਂ ਹੋਵੇਗਾ ਮੁੜ ਪ੍ਰਸਾਰਣ, SGPC ਨੇ ਕੀਤਾ ਇਹ ਏਲਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਰਬਾਣੀ ਦੇ ਸਿੱਧਾ ਪ੍ਰਸਾਰਣ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਐਸਜੀਪੀਸੀ ਨੇ ਸ਼ੁੱਕਰਵਾਰ ਨੂੰ ਆਪਣੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਕੀਤੀ, ਜਿਸ ਵਿੱਚ ਗੁਰਬਾਣੀ ਦੇ ਸਿੱਧਾ ਪ੍ਰਸਾਰਣ ਲਈ ਆਪਣਾ ਚੈਨਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਯੂ-ਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ, ਜਿਸ ਦਾ ਨਾਂ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ’ ਰੱਖਿਆ ਗਿਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ‘ਚ ਦੱਸਿਆ ਕਿ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਵੀ ਜਲਦੀ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੋਂ ਮੁਲਾਕਾਤ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ
ਸ਼੍ਰੋਮਣੀ ਕਮੇਟੀ ਕੋਲ ਹੁਣ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਹੋਣਗੇ। ਕਿਸੇ ਵੀ ਹੋਰ ਚੈਨਲ ਨੂੰ ਹੁਣ ਰੀ-ਸਟ੍ਰੀਮ ਕਰਨ ਦਾ ਅਧਿਕਾਰ ਨਹੀਂ ਹੋਵੇਗਾ। ਇਸ ਦੇ ਨਾਲ ਹੀ SGPC ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਧਾਮੀ ਨੇ ਕਿਹਾ ਕਿ ਸਰਕਾਰ ਨੇ ਇੱਕ ਸਾਜ਼ਿਸ਼ ਤਹਿਤ ਗੁਰਦੁਆਰਾ ਐਕਟ ਵਿੱਚ ਸੋਧ ਕੀਤੀ ਹੈ।