ਗੁਲਾਬ ਸਿੱਧੂ ਦੇ ਘਰ ਬਾਹਰ ਫਾਇਰਿੰਗ ਮਾਮਲੇ ‘ਚ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫ਼ਤਾਰ

ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਵਿਅਕਤੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਹਨ।

ਮੁੱਢਲੀ ਜਾਣਕਾਰੀ ਅਨੁਸਾਰ, ਵਾਰਦਾਤ ਵਾਲੀ ਰਾਤ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਪਹੁੰਚੇ ਸਨ। ਇਸ ਦੌਰਾਨ ਘਰ ਦੇ ਦਰਵਾਜ਼ਿਆਂ ਅਤੇ ਕੰਧਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 6 ਰਾਊਂਡ ਫਾਇਰਿੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

ਘਟਨਾ ਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰਦਿਆਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਪੁਲਿਸ ਨੇ ਤਿੰਨ ਕਥਿਤ ਮੁਲਜ਼ਮਾਂ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਵਿੱਚ ਅਹਿਮ ਕਾਮਯਾਬੀ ਹਾਸਲ ਕੀਤੀ ਹੈ।

ਇਸ ਮਾਮਲੇ ਸਬੰਧੀ ਅੱਜ ਦੁਪਹਿਰ 1 ਵਜੇ DIG ਪਟਿਆਲਾ ਰੇਂਜ IPS ਕੁਲਦੀਪ ਸਿੰਘ ਚਹਿਲ ਵੱਲੋਂ ਬਰਨਾਲਾ ਦੇ DPO ਕਾਨਫਰੰਸ ਹਾਲ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਵੱਲੋਂ ਫਾਇਰਿੰਗ ਮਾਮਲੇ ਨਾਲ ਜੁੜੇ ਹੋਰ ਅਹਿਮ ਵੇਰਵੇ ਸਾਂਝੇ ਕੀਤੇ ਜਾ ਸਕਦੇ ਹਨ।

ਪੁਲਿਸ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਹੀ ਮਾਮਲੇ ਵਿੱਚ ਫਾਇਰਿੰਗ ਦੇ ਕਾਰਨ, ਮੁਲਜ਼ਮਾਂ ਦੀ ਭੂਮਿਕਾ ਅਤੇ ਹੋਰ ਵੇਰਵਿਆਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ