ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਲਈ ਖਾਸ ਰੇਲਾਂ ਚਲਾਉਣ ਦੀ ਕੀਤੀ ਮੰਗ

ਸ਼੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਰੇਲ ਮੰਤਰਾਲੇ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰੇਲ ਸੇਵਾਵਾਂ ਵਧਾਉਣ ਦੀ ਮੰਗ ਕੀਤੀ ਹੈ, ਤਾਂ ਜੋ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਨੂੰ ਆਸਾਨ ਅਤੇ ਸੌਖੀ ਯਾਤਰਾ ਦੀ ਸਹੂਲਤ ਮਿਲ ਸਕੇ

ਦੋਵੇਂ ਕੇਂਦਰੀ ਮੰਤਰੀਆਂ — ਅਸ਼ਵਨੀ ਵੈਸ਼ਨਵ ਅਤੇ ਰਵਨੀਤ ਸਿੰਘ ਬਿੱਟੂ — ਨੂੰ ਲਿਖੇ ਪੱਤਰ ਵਿੱਚ ਬੈਂਸ ਨੇ ਕਿਹਾ ਕਿ ਇਸ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਕਰੋੜ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਨਵੀਂ ਦਿੱਲੀ ਤੋਂ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਦੀਆਂ ਸੇਵਾਵਾਂ ਨੂੰ 15 ਤੋਂ 30 ਨਵੰਬਰ 2025 ਤੱਕ ਦੁੱਗਣਾ ਕਰਨ ਦੀ ਮੰਗ ਕੀਤੀ। ਨਾਲ ਹੀ,ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰ ਪ੍ਰਮੁੱਖ ਸ਼ਹਿਰਾਂ ਤੋਂ ਵੀ ਵਿਸ਼ੇਸ਼ ਯਾਤਰੀ ਰੇਲਾਂ ਚਲਾਉਣ ਦੀ ਸਿਫ਼ਾਰਸ਼ ਕੀਤੀ, ਤਾਂ ਜੋ 22 ਤੋਂ 25 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸਿੱਖਿਆ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਮਹੱਤਤਾ ਬਿਆਨ ਕਰਦਿਆਂ ਕਿਹਾ ਕਿ ਇਹ ਪਵਿੱਤਰ ਨਗਰੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਵਸਾਈ ਗਈ ਸੀ। ਇਹੋ ਉਹ ਥਾਂ ਹੈ ਜਿੱਥੇ ਅਤਿਆਚਾਰ ਦਾ ਸ਼ਿਕਾਰ ਹੋਏ ਕਸ਼ਮੀਰੀ ਪੰਡਿਤਾਂ ਨੇ ਸ਼ਰਨ ਲਈ ਅਰਜ਼ੀ ਕੀਤੀ ਸੀ। ਇਸ ਧਰਤੀ ਤੋਂ ਹੀ ਗੁਰੂ ਸਾਹਿਬ ਨੇ ਮਾਨਵਤਾ ਅਤੇ ਧਾਰਮਿਕ ਆਜ਼ਾਦੀ ਲਈ ਦਿੱਲੀ ਵਿੱਚ ਸ਼ਹਾਦਤ ਵਾਸਤੇ ਆਪਣੀ ਆਖ਼ਰੀ ਯਾਤਰਾ ਸ਼ੁਰੂ ਕੀਤੀ ਸੀ। ਬਾਅਦ ਵਿੱਚ, ਉਨ੍ਹਾਂ ਦਾ ਪਵਿੱਤਰ ਸੀਸ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ ਅਤੇ ਇੱਥੇ ਸੰਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਕਾਰਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਸ਼ਵ ਇਤਿਹਾਸ ਦਾ ਇੱਕ ਅਮਰ ਪ੍ਰਤੀਕ ਬਣ ਗਈ।

ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਧਰਤੀ ਉਸ ਬੇਮਿਸਾਲ ਕੁਰਬਾਨੀ ਦੀ ਗਵਾਹ ਹੈ ਜਿਸ ਨੇ ਦੇਸ਼ ਨੂੰ ਮਜ਼ਬੂਤ ਕੀਤਾ। ਸਾਡਾ ਧਾਰਮਿਕ ਤੇ ਨੈਤਿਕ ਫ਼ਰਜ਼ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ ਹਰ ਸ਼ਰਧਾਲੂ ਬਿਨਾ ਕਿਸੇ ਰੁਕਾਵਟ ਦੇ ਇੱਥੇ ਆ ਕੇ ਮੱਥਾ ਟੇਕ ਸਕੇ