ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਆਮ ਆਦਮੀ ਪਾਰਟੀ ਨੇ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਕਰਕੇ ਇਸ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ ਹਨ।
ਹਰਪਾਲ ਚੀਮਾ ਨੇ ਕਿਹਾ ਕਿ ਚੋਣਾਂ ਦੇ ਨੇੜੇ ਆਉਂਦਿਆਂ ਹੀ ਭਾਜਪਾ ਦਾ ਡਰ ਸਾਫ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਸਤਿੰਦਰ ਜੈਨ ਨੂੰ ਸਾਲ 2022 ਦੇ ਇੱਕ ਮਾਮਲੇ ਵਿੱਚ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਗ੍ਰਿਫ਼ਤਾਰ ਕਰਨਾ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਦਬਾਅ ਬਣਾਉਣ ਅਤੇ ਬਦਲੇ ਦੀ ਰਾਜਨੀਤੀ ਲਈ ਕੀਤੀ ਜਾ ਰਹੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਜੇਕਰ ਇਹ ਏਜੰਸੀਆਂ ਦੀ ਸਿਆਸੀ ਵਰਤੋਂ ਨਹੀਂ ਹੈ ਤਾਂ ਫਿਰ ਹੋਰ ਕੀ ਹੈ?
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹਰ ਤਰ੍ਹਾਂ ਦੇ ਦਬਾਅ ਅਤੇ ਡਰਾਉਣ ਵਾਲੀਆਂ ਕੋਸ਼ਿਸ਼ਾਂ ਦਾ ਜਵਾਬ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਡਰਾਇਆ ਨਹੀਂ ਜਾ ਸਕਦਾ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਮੁੱਦਿਆਂ ਲਈ ਆਪਣੀ ਲੜਾਈ ਜਾਰੀ ਰੱਖੇਗੀ
