ਮਾਨਸਾ ਸ਼ਹਿਰ ਦੇ ਵਾਰਡ ਨੰਬਰ 3 ਵਿੱਚ ਸ਼ੁੱਕਰਵਾਰ ਸ਼ਾਮ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ। ਇੱਕ 36 ਸਾਲਾ ਮਹਿਲਾ ਅਤੇ ਉਸਦੇ ਤਿੰਨ ਬੱਚੇ ਆਪਣੇ ਘਰ ਵਿੱਚ ਮ੍ਰਿਤਕ ਮਿਲੇ।
ਕੀ ਹੈ ਮਾਮਲਾ?
ਸ਼ੁਰੂਆਤੀ ਜਾਣਕਾਰੀ ਮੁਤਾਬਕ ਮਹਿਲਾ ਦੀ ਪਹਿਚਾਣ ਸੰਦੀਪ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਬੱਚਿਆਂ ਦੀ ਮੌਤ ਜ਼ਹਿਰੀਲੀ ਚੀਜ਼ ਕਾਰਨ ਹੋਈ ਅਤੇ ਇਸ ਤੋਂ ਬਾਅਦ ਮਹਿਲਾ ਨੇ ਵੀ ਖੁਦ ਜ਼ਹਿਰੀਲੀ ਵਸਤੂ ਨਿਗਲ ਲਈ। ਹਾਲਾਂਕਿ ਘਟਨਾ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਕੌਰ ਦੇ ਪਤੀ ਨਿੱਕਾ ਸਿੰਘ ਦਾ ਕਰੀਬ ਛੇ ਮਹੀਨੇ ਪਹਿਲਾਂ ਦੇਹਾਂਤ ਹੋ ਗਿਆ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਪੁਲਿਸ ਨੇ ਕੀ ਕਿਹਾ?
ਡੀਐਸਪੀ ਸਬ-ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਚਾਰਾਂ ਦੀਆਂ ਮ੍ਰਿਤਕ ਦੇਹਾਂ ਘਰ ਵਿੱਚੋਂ ਮਿਲੀਆਂ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਪੱਖ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਸਹੀ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।