ਪੰਜਾਬ ’ਚ ਗਰਮੀ ਦਾ ਕਹਿਰ: ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਸੀਜ਼ਨ ਵਿੱਚ ਪਹਿਲੀ ਵਾਰ ਪਾਰਾ 45.2 ਡਿਗਰੀ ਸੈਲਸੀਅਸ ਤੱਕ ਜਾ ਪਹੁੰਚਿਆ ਹੈ, ਜਿਸ ਵਿੱਚ ਫਰੀਦਕੋਟ ਸਭ ਤੋਂ ਗਰਮ ਇਲਾਕਾ ਰਿਹਾ। ਮੌਸਮ ਵਿਭਾਗ ਨੇ ਗਰਮੀ ਦੀ ਲਹਿਰ (Heat Wave) ਨੂੰ ਦੇਖਦੇ ਹੋਏ ਪੀਲਾ ਅਲਰਟ (Yellow Alert) ਜਾਰੀ ਕੀਤਾ ਹੈ।

ਸਿਹਤ ਵਿਭਾਗ ਦੀ ਸਲਾਹ

ਵਧਦੀ ਗਰਮੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੇਲੋੜਾ ਘਰੋਂ ਬਾਹਰ ਨਾ ਨਿਕਲੋ। ਆਪਣੇ ਖਾਣ-ਪੀਣ ਦਾ ਖਾਸ ਧਿਆਨ ਰੱਖੋ ਅਤੇ ਪਾਣੀ ਦਾ ਸੇਵਨ ਵੱਧ ਤੋਂ ਵੱਧ ਕਰੋ। ਬਾਹਰੀ ਗਤੀਵਿਧੀਆਂ ਨੂੰ ਸੀਮਤ ਰੱਖੋ।

ਕਿਹੜੇ ਜ਼ਿਲ੍ਹਿਆਂ ‘ਤੇ ਹੈ ਗਰਮੀ ਦਾ ਅਸਰ?

ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਵਿੱਚ ਹੀਟ ਵੇਵ ਦਾ ਅਸਰ ਰਹੇਗਾ। ਇਸ ਤੋਂ ਇਲਾਵਾ ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ ਸ਼ਹਿਰਾਂ ਵਿੱਚ ਰਾਤਾਂ ਵੀ ਕਾਫੀ ਗਰਮ ਰਹਿਣ ਦੀ ਸੰਭਾਵਨਾ ਹੈ।

ਰਾਹਤ ਦੀ ਖ਼ਬਰ: ਮੀਂਹ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ

ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋਣ ਕਾਰਨ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। 27 ਅਪ੍ਰੈਲ ਤੋਂ 1 ਮਈ ਦੇ ਦਰਮਿਆਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆਵੇਗੀ। 27 ਅਪ੍ਰੈਲ ਨੂੰ ਮੋਗਾ, ਫਰੀਦਕੋਟ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਮੀ ਰਹੇਗੀ। ਹਾਲਾਂਕਿ, ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਹਲਕੇ ਮੀਂਹ ਦੀ ਸੰਭਾਵਨਾ ਹੈ।

28 ਅਪ੍ਰੈਲ ਨੂੰ ਪੰਜਾਬ ਦੇ ਲਗਭਗ ਸਾਰੇ ਪ੍ਰਮੁੱਖ ਜ਼ਿਲ੍ਹਿਆਂ (ਜਲੰਧਰ, ਲੁਧਿਆਣਾ, ਪਟਿਆਲਾ ਆਦਿ) ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 29 ਅਪ੍ਰੈਲ ਨੂੰ ਮਾਝਾ, ਦੋਆਬਾ ਅਤੇ ਮਾਲਵੇ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ ਦੇ ਨਾਲ ਤੇਜ਼ ਹਵਾਵਾਂ (30-40 ਕਿਲੋਮੀਟਰ/ਘੰਟਾ) ਚੱਲਣ ਦੇ ਆਸਾਰ ਹਨ।