ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ, ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੱਕਰਵਾਤੀ ਹਵਾਵਾਂ ਦਾ ਘੇਰਾ ਬਣਿਆ ਹੋਇਆ ਹੈ, ਜਿਸ ਕਾਰਨ ਮੌਸਮ ਵਿੱਚ ਇਹ ਤਬਦੀਲੀ ਆਈ ਹੈ।
ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸਿਰਫ਼ 2 ਘੰਟਿਆਂ ਦੌਰਾਨ 72.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਇਸ ਸੀਜ਼ਨ ਦੀ ਸਭ ਤੋਂ ਤੇਜ਼ ਬਾਰਿਸ਼ ਹੈ। ਇਸ ਕਾਰਨ ਟਰਾਈਸਿਟੀ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਅੱਜ 19 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ‘ਤੇ ਗਰਜ-ਚਮਕ ਅਤੇ ਬਿਜਲੀ ਡਿੱਗਣ ਨਾਲ ਭਾਰੀ ਮੀਂਹ ਪੈ ਸਕਦਾ ਹੈ। ਗੁਰਦਾਸਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਬਾਰਿਸ਼ ਦੇ ਬਾਵਜੂਦ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਅਤੇ ਮੰਗਲਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ 20 ਅਗਸਤ ਤੋਂ ਅਗਲੇ 5 ਦਿਨਾਂ ਲਈ ਕੋਈ ਵੱਡਾ ਅਲਰਟ ਨਹੀਂ ਹੈ, ਪਰ ਇਸ ਦੌਰਾਨ ਵੀ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ।
