ਦੀਨਾਨਗਰ ਦੇ ਪਿੰਡ ਮਿਆਣੀ ਨੇੜੇ ਭਿਆਨਕ ਸੜਕ ਹਾਦਸਾ, ਕਾਰ ਸੜ ਕੇ ਸੁਆਹ; ਚਾਲਕ ਦੀ ਮੌਤ

ਦੀਨਾਨਗਰ: ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਮਿਆਣੀ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੇਕਾਬੂ ਹੋਈ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਅੱਗ ਦੀ ਲਪੇਟ ਵਿਚ ਆ ਗਈ। ਮ੍ਰਿਤਕ ਦੀ ਪਛਾਣ ਸੰਨੀ ਭਗਤ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਇਸ ਮੰਦਭਾਗੀ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਸੰਨੀ ਭਗਤ ਆਪਣੀ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਪਿੰਡ ਮਿਆਣੀ ਨੇੜੇ ਪਹੁੰਚਿਆ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਵਾਹਨ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਸੰਨੀ ਭਗਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਲੱਗੀ ਅੱਗ ’ਤੇ ਕਾਬੂ ਪਾਇਆ। ਹਾਲਾਂਕਿ, ਅੱਗ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਸੰਨੀ ਭਗਤ ਦੀ ਅਚਾਨਕ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ, ਜਾਣਕਾਰਾਂ ਅਤੇ ਇਲਾਕਾ ਵਾਸੀਆਂ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਇਸ ਦਰਦਨਾਕ ਹਾਦਸੇ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ।