ਫਿਰੋਜ਼ਪੁਰ-ਅੰਮ੍ਰਿਤਸਰ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਫਿਰੋਜ਼ਪੁਰ: ਫਿਰੋਜ਼ਪੁਰ-ਅੰਮ੍ਰਿਤਸਰ ਹਾਈਵੇ ’ਤੇ ਬੁੱਧਵਾਰ ਦੇਰ ਰਾਤ ਦੋ ਤੇਜ਼ ਰਫ਼ਤਾਰ ਕਾਰਾਂ ਵਿਚਾਲੇ ਹੋਈ ਭਿਆਨਕ ਆਹਮੋ-ਸਾਹਮਣੇ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਅਨਮੋਲ ਚੋਪੜਾ (27) ਅਤੇ ਕੁਨਾਲ ਆਹੂਜਾ (26) ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਨਿਖਿਲ, ਜੋ ਅਨਮੋਲ ਦਾ ਭਰਾ ਹੈ, ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।

ਮੱਖੂ ਤੋਂ ਆ ਰਹੀ ਕਾਰ ਨਾਲ ਹੋਈ ਟੱਕਰ

ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਰੀਬ 11 ਵਜੇ ਚਾਰ ਦੋਸਤ ਕਾਰ ਵਿੱਚ ਸਵਾਰ ਹੋ ਕੇ ਮੱਖੂ ਤੋਂ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਹੋਰ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਕਾਰ ਵਿੱਚ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਸਥਾਨਕ ਲੋਕਾਂ ਨੇ ਬਚਾਅ ਕਾਰਜਾਂ ਵਿੱਚ ਕੀਤੀ ਮਦਦ

ਹਾਦਸੇ ਦੀ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਕਾਰ ਵਿੱਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੂਜੀ ਕਾਰ ਵਿੱਚ ਸਵਾਰ ਵਿਅਕਤੀ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਿਸ ਵੱਲੋਂ ਜਾਂਚ ਸ਼ੁਰੂ, ਦੋਵੇਂ ਕਾਰਾਂ ਕਬਜ਼ੇ ਵਿੱਚ ਲਈਆਂ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਝਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸੇ ਵਿੱਚ ਸ਼ਾਮਲ ਦੋਵੇਂ ਕਾਰਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਦਰਦਨਾਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।