ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਨੌਜਵਾਨ ’ਤੇ ਕੁਝ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੰਗਤ ਰਾਏ ਉਰਫ਼ ਮੰਗੂ ਪੰਡਿਤ (ਅਮਨ) ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਮੰਗਤ ਰਾਏ ਕਿਸੇ ਕੰਮ ਲਈ ਮਾਨਸਾ ਗਿਆ ਹੋਇਆ ਸੀ। ਜਦੋਂ ਉਹ ਵਾਪਸ ਆਪਣੇ ਪਿੰਡ ਨੰਗਲ ਕਲਾਂ ਪਹੁੰਚਿਆ ਤਾਂ ਕੁਝ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ਖਮੀ ਹਾਲਤ ਵਿੱਚ ਮੰਗਤ ਰਾਏ ਨੂੰ ਪਹਿਲਾਂ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਾਹਰਲੇ ਹਸਪਤਾਲ ਲਈ ਰੈਫਰ ਕਰ ਦਿੱਤਾ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਰਿਵਾਰ ਨੇ ਦੋਸ਼ ਲਗਾਇਆ ਕਿ ਪਿੰਡ ਦੇ ਸਰਪੰਚ ਸਮੇਤ ਕੁਝ ਹੋਰ ਵਿਅਕਤੀਆਂ ਨੇ ਹਮਲਾ ਕੀਤਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪਰਿਵਾਰ ਮੁਤਾਬਕ ਹਮਲੇ ਪਿੱਛੇ ਪੁਰਾਣੀ ਰੰਜਿਸ਼ ਕਾਰਨ ਹੋ ਸਕਦੀ ਹੈ।
ਦੂਜੇ ਪਾਸੇ ਡੀਐਸਪੀ ਹਰਜਿੰਦਰ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿੰਡ ਨੰਗਲ ਕਲਾਂ ਵਿੱਚ ਨੌਜਵਾਨ ’ਤੇ ਹਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਿਆਨ ਦਰਜ ਕੀਤੇ ਗਏ ਹਨ ਅਤੇ ਸਰਪੰਚ ਸਮੇਤ ਹੋਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮਾਮਲੇ ਸਬੰਧੀ ਪਿੰਡ ਦੇ ਸਰਪੰਚ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
