ਮੋਹਾਲੀ ਪੁਲਿਸ ਕੋਲ ਪਹੁੰਚੀ ਸ਼ਿਕਾਇਤ, ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਵੀ ਆਇਆ ਧਮਕੀ ਭਰਿਆ ਫੋਨ; ਸਾਈਬਰ ਕ੍ਰਾਈਮ ਟੀਮ ਨੇ ਜਾਂਚ ਕੀਤੀ ਸ਼ੁਰੂ
ਦੇਸ਼ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ। ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਣ ਵਾਲੇ ਇੱਕ ਵਿਅਕਤੀ ਨੇ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਪੈਸੇ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਇਸ ਮਾਮਲੇ ਵਿੱਚ ਦਿੱਲੀ ਦੀ ਤਿਲਕ ਨਗਰ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਵੀ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਮੁਤਾਬਕ ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਨ ਦੇ ਨਾਲ-ਨਾਲ ਵਟਸਐਪ ’ਤੇ ਵੀ ਧਮਕੀ ਭਰੇ ਸੁਨੇਹੇ ਭੇਜੇ।
6 ਨਵੰਬਰ ਨੂੰ ਮੋਹਾਲੀ SSP ਕੋਲ ਦਰਜ ਕਰਵਾਈ ਸ਼ਿਕਾਇਤ
ਵਿਧਾਇਕ ਜਰਨੈਲ ਸਿੰਘ ਨੇ 6 ਨਵੰਬਰ ਨੂੰ ਮੋਹਾਲੀ ਦੇ ਸੀਨੀਅਰ ਪੁਲਿਸ ਕਪਤਾਨ (SSP) ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਅਤੇ ਅਰਵਿੰਦ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਮੰਗ ਕੀਤੀ।
ਸ਼ਿਕਾਇਤ ਦੇ ਆਧਾਰ ’ਤੇ ਮੋਹਾਲੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਅਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਸੁਨੀਲ ਕੁਮਾਰ ਨੂੰ ਸੌਂਪੀ ਗਈ ਹੈ।
ਫੋਨ ਨੰਬਰ ਅਤੇ ਲੋਕੇਸ਼ਨ ਦੀ ਜਾਂਚ ’ਚ ਜੁਟੀ ਪੁਲਿਸ
ਪੁਲਿਸ ਵੱਲੋਂ ਧਮਕੀ ਦੇਣ ਲਈ ਵਰਤੇ ਗਏ ਮੋਬਾਈਲ ਨੰਬਰ ਦੀ ਕਾਲ ਡਿਟੇਲ, IP ਲੌਗ ਅਤੇ ਲੋਕੇਸ਼ਨ ਡਾਟਾ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਫੋਨ ਕਰਨ ਵਾਲੇ ਵਿਅਕਤੀ ਦੀ ਅਸਲ ਪਛਾਣ ਸਾਹਮਣੇ ਲਿਆਂਦੀ ਜਾ ਸਕੇ।
ਵਿਧਾਇਕ ਜਰਨੈਲ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਵਧਾਉਣ ਦੀ ਵੀ ਮੰਗ ਕੀਤੀ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਇਸ ਪਿੱਛੇ ਕਿਸੇ ਗੈਂਗ ਦੀ ਅਸਲ ਸ਼ਮੂਲੀਅਤ ਬਾਰੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
