ਪੰਜਾਬ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੇ ਵੱਧ ਸਕਦੇ ਨੇ ਦੌਰੇ: ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਆਪਣੀ ਰਣਨੀਤੀ ਨੂੰ ਤੇਜ਼ ਕਰ ਰਹੀ ਹੈ। ਪੰਜਾਬ BJP ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵੀਂ ਦਿੱਲੀ ਵਿੱਚ ਸੰਸਦ ਭਵਨ ਕੰਪਲੈਕਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਹੈ

ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਾਲ ਹੋਈ ਅਹਿਮ ਮੀਟਿੰਗ
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ। ਕਰੀਬ 35 ਮਿੰਟ ਤੱਕ ਚੱਲੀ ਇਸ ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਕੇਤ ਦਿੱਤੇ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਹੋਰ ਅਕਸਰ ਦੇਖਣ ਨੂੰ ਮਿਲ ਸਕਦੇ ਹਨ।

ਕਿਨ੍ਹਾਂ ਮੁੱਖ ਮੁੱਦਿਆਂ ‘ਤੇ ਹੋਈ ਚਰਚਾ?
ਪੰਜਾਬ BJP ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੂਬੇ ਦੇ ਹੇਠ ਲਿਖੇ ਗੰਭੀਰ ਮੁੱਦਿਆਂ ਬਾਰੇ ਜਾਣੂ ਕਰਵਾਇਆ:

ਆਰਥਿਕ ਸਥਿਤੀ ਅਤੇ ਉਦਯੋਗ: ਪੰਜਾਬ ਦੀ ਡਿੱਗਦੀ ਆਰਥਿਕ ਹਾਲਤ, ਜਿਸ ਕਾਰਨ ਸੂਬਾ ਵਿੱਤੀ ਸਿਹਤ ਰੈਂਕਿੰਗ ਵਿੱਚ ਖਿਸਕ ਕੇ 22ਵੇਂ ਸਥਾਨ ‘ਤੇ ਪਹੁੰਚ ਗਿਆ ਹੈ, ‘ਤੇ ਡੂੰਘੀ ਚਿੰਤਾ ਪ੍ਰਗਟਾਈ ਗਈ।

ਕਿਸਾਨ ਅਤੇ ਮਜ਼ਦੂਰ: ਸੂਬੇ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁੱਖ ਮੰਗਾਂ ਬਾਰੇ ਚਰਚਾ

ਨੌਜਵਾਨ ਅਤੇ ਰੁਜ਼ਗਾਰ: ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ, ਨਵੇਂ ਰੁਜ਼ਗਾਰ ਦੇ ਮੌਕਿਆਂ ਅਤੇ ਸੂਬੇ ਨੂੰ ਮੁੜ ਉਦਯੋਗਿਕ ਹੱਬ ਬਣਾਉਣ ਬਾਰੇ ਵਿਚਾਰ-ਵਟਾਂਦਰਾ

ਕਾਨੂੰਨ ਵਿਵਸਥਾ: ਸੂਬੇ ਵਿੱਚ ਅਣਸੁਖਾਵੀਂ ਅਕਸ ਪੈਦਾ ਕਰ ਰਹੀ ਗੈਂਗਸਟਰਵਾਦ ਦੀ ਸਮੱਸਿਆ ਅਤੇ ਵਿਗੜਦੀ ਕਾਨੂੰਨ ਵਿਵਸਥਾ ਦਾ ਮੁੱਦਾ