ਬਠਿੰਡਾ ’ਚ ਗੂੰਜਿਆ ਖੇਡਾਂ ਦਾ ਜਜ਼ਬਾ! ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਹੋਇਆ ਸ਼ਾਨਦਾਰ ਆਗਾਜ਼

ਬਠਿੰਡਾ: ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਕੀਤੀ ਗਈ। ਇਸ ਮੌਕੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ 39 ਵੱਖ-ਵੱਖ ਖੇਡਾਂ ਵਿੱਚ ਕਰੀਬ 10 ਲੱਖ ਖਿਡਾਰੀਆਂ ਨੂੰ ਮੈਦਾਨਾਂ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ।

ਜੇਤੂ ਖਿਡਾਰੀਆਂ ਲਈ ₹12.50 ਕਰੋੜ ਦੇ ਇਨਾਮ

ਇਸ ਵਾਰ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਲਈ ਕੁੱਲ ₹12.50 ਕਰੋੜ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਇਸ ਦੇ ਨਾਲ ਹੀ ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਹੋਰ ਉਤਸ਼ਾਹ ਮਿਲੇਗਾ।

ਕਾਮਨਵੈਲਥ ਗੇਮਜ਼ ਦੇ ਮੈਡਲ ਜੇਤੂ ਖਿਡਾਰੀਆਂ ਦਾ ਸਨਮਾਨ

ਇਸੇ ਮੰਚ ਤੋਂ ਕਾਮਨਵੈਲਥ ਗੇਮਜ਼-2026 ਵਿੱਚ ਮੈਡਲ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਦੋਵਾਂ ਖਿਡਾਰੀਆਂ ਨੂੰ ₹50-₹50 ਲੱਖ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਨੌਜਵਾਨਾਂ ਨੂੰ ਖੇਡਾਂ ਦੇ ਰਾਹ ਤੋਰਨ ’ਤੇ ਜ਼ੋਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਦੇ ਰਾਹ ਤੋਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਲਈ ਬਿਹਤਰ ਮਾਹੌਲ ਤਿਆਰ ਕਰਨਾ ਅਤੇ ਨੌਜਵਾਨ ਪ੍ਰਤਿਭਾ ਨੂੰ ਵੱਡਾ ਮੰਚ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਨੰਬਰ ਇੱਕ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੇਲਿਆਂ ਰਾਹੀਂ ਜਿੱਥੇ ਨਵੀਂ ਪ੍ਰਤਿਭਾ ਨੂੰ ਸਾਹਮਣੇ ਆਉਣ ਦਾ ਮੌਕਾ ਮਿਲ ਰਿਹਾ ਹੈ, ਉੱਥੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਕਾਰਾਤਮਕ ਜੀਵਨ ਵੱਲ ਪ੍ਰੇਰਿਤ ਕਰਨ ਦਾ ਯਤਨ ਵੀ ਕੀਤਾ ਜਾ ਰਿਹਾ ਹੈ