ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਨਵਾਂਸ਼ਹਿਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਪੰਜਵੇਂ ਦਿਨ ਗੱਤਕਾ ਮੁਕਾਬਲੇ ITI ਕਾਲਜ ਨਵਾਂਸ਼ਹਿਰ, ਬੈਡਮਿੰਟਨ ਮੁਕਾਬਲੇ ਸਟੇਡੀਅਮ ਬਾੜੋਵਾਲ, ਕੁਸ਼ਤੀ ਮੁਕਾਬਲੇ ਸ਼੍ਰੀ ਹਰੀ ਗੋਬਿੰਦ ਸਿੰਘ ਬਾੜੋਵਾਲ ਕਲੱਬ, ਪਾਵਰਲਿਫਟਿੰਗ ਮੁਕਾਬਲੇ ਰਾਜਾ ਸਾਹਿਬ ਸਪੋਰਟਸ ਕਲੱਬ, ਗੁਣਾਚੌਰ ਅਤੇ ਫੁੱਟਬਾਲ ਮੁਕਾਬਲੇ ਖਾਲਸਾ ਸਕੂਲ ਵਿਖੇ ਕਰਵਾਏ ਗਏ।
ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਲਾਕ ਪੱਧਰ ’ਤੇ ਜੇਤੂ ਰਹੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਾਰੇ ਮੁਕਾਬਲੇ ਬਹੁਤ ਹੀ ਵਧੀਆ ਮਾਹੌਲ ਵਿੱਚ ਕਰਵਾਏ ਗਏ।

ਇਸ ਮੌਕੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਬੰਗਾ ਵੱਲੋਂ ਸ਼੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ, ਬਾਹੜੋਵਾਲ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਕੁਸ਼ਤੀ ਦੇ ਮੁਕਾਬਲੇ ਵੇਖੇ ਅਤੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।
ਵਿਧਾਇਕ ਬੰਗਾ ਡਾ. ਸੁੱਖੀ ਵੱਲੋਂ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਮੈਦਾਨਾਂ, ਜਿੰਮਾਂ ਅਤੇ ਖੇਡਾਂ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬੰਗਾ ਹਲਕੇ ਵਿੱਚ ਬਣਾਏ ਜਾ ਰਹੇ ਨਵੇਂ ਕੁਸ਼ਤੀ ਗਰਾਊਂਡਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਕਨਵੀਨਰਾਂ, ਕੋਚਾਂ, ਸਟਾਫ਼, ਅਧਿਕਾਰੀਆਂ ਅਤੇ ਸਹਿਯੋਗੀ ਸੰਸਥਾਵਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਖਿਡਾਰੀਆਂ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।

ਕੱਲ੍ਹ ਛੇਵੇਂ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਤਹਿਤ ਬੈਡਮਿੰਟਨ ਅਤੇ ਫੁੱਟਬਾਲ ਦੇ ਫਾਈਨਲ ਮੁਕਾਬਲੇ ਕਰਵਾਏ ਜਾਣਗੇ, ਜਿਸ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ