ਪੰਜਾਬ ਸਰਕਾਰ ਨੇ ਬੰਗਾ ‘ਚ ਲਾਇਆ ਕਿਸਾਨ ਮੇਲਾ

(ਸ਼ਹੀਦ ਭਗਤ ਸਿੰਘ ਨਗਰ), 11 ਜੁਲਾਈ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਜਾਣਕਾਰੀ ਅਤੇ ਤਕਨੀਕ ਤੋਂ ਜਾਣੂ ਕਰਵਾਉਣ ਲਈ ਸੂਬੇ ਭਰ ਵਿੱਚ ਲਾਏ ਜਾ ਰਹੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਸਾਉਣੀ ਦੀਆਂ ਫਸਲਾਂ, ਕੁਦਰਤੀ ਸਰੋਤਾਂ ਦੀ ਸੰਭਾਲ, ਆਧੁਨਿਕ ਖੇਤੀ ਦੀਆਂ ਸੰਭਾਵਨਾਵਾਂ, ਜੈਵਿਕ ਖੇਤੀ ਦੇ ਨਾਲ-ਨਾਲ ਫਸਲਾਂ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ।ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੋਜੂਦਾ ਸਮੇਂ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਤਰਜੀਹ ਦੇ ਕੇ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਨਾਉਣਾ ਸਮੇਂ ਦੀ ਮੁੱਖ ਮੰਗ ਹੈ ਜਿਸ ਨੂੰ ਪੂਰੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਕਿਸਾਨਾਂ ਦੀ ਸਹੂਲਤ ਲਈ ਵੱਖ-ਵੱਖ ਸਕੀਮਾਂ ਸ਼ੁਰੂ ਕਰਨ ਤੋਂ ਇਲਾਵਾ ਫਸਲਾਂ ਦੀਆਂ ਕਿਸਮਾਂ ਤੇ ਬੀਜਾਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਜਿਸ ਦਾ ਭਰਪੂਰ ਲਾਹਾ ਲਿਆ ਜਾਵੇ ਤਾਂ ਜੋ ਖੇਤੀ ਖੇਤਰ ਵਿੱਚ ਹੋਰ ਗੁਣਵੱਤਾ, ਪੈਦਾਵਾਰ ਅਤੇ ਆਮਦਨ ‘ਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਿਰਫ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਵੱਲੋਂ ਸ਼ਿਫਾਰਸ ਕੀਤੇ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਪਾਣੀ ਬਚਾਓ ਪੈਸਾ ਬਚਾਓ ’ ਸਕੀਮ ਤਹਿਤ ਕਿਸਾਨ ਧਰਤੀ ਹੇਠਲਾ ਪਾਣੀ ਬਚਾ ਕੇ ਚੋਖਾ ਮੁਨਾਫਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਸਹੂਲਤਾਂ ਲਈ ਹਮੇਸਾ ਤੱਤਪਰ ਹੈ ਤਾਂ ਜੋ ਜਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੇਲੇ ਦੀ ਰਸਮੀ ਸ਼ੁਰੂਆਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਵੱਖ-ਵੱਖ ਥਾਵਾਂ ਤੋਂ ਆਏ ਕਿਸਾਨਾਂ ਸਮੇਤ ਸਟਾਲ ਅਤੇ ਪ੍ਰਦਰਸਨੀਆਂ ਦਾ ਵੀ ਜਾਇਜ਼ਾ ਲਿਆ

Tags :