ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਦੇਰ ਰਾਤ ਵਿਦਿਆਰਥੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਸੋਸ਼ਲ ਮੀਡੀਆ ’ਤੇ ਇੱਕ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਨਾਲ ਜੁੜੀ ਪੋਸਟ ਵਾਇਰਲ ਹੋਣ ਤੋਂ ਬਾਅਦ ਵਿਦਿਆਰਥੀਆਂ ਵਿੱਚ ਰੋਸ ਪੈਦਾ ਹੋਇਆ।
ਜਾਣਕਾਰੀ ਮੁਤਾਬਕ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਫਰਨੀਚਰ ਨੂੰ ਨੁਕਸਾਨ ਪਹੁੰਚਾਉਣ ਅਤੇ ਕੁਝ ਜਾਇਦਾਦ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ’ਤੇ ਵੀ ਰੋਕ ਲਗਾ ਦਿੱਤੀ।
ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
SSP ਗੌਰਵ ਤੂਰਾ ਨੇ ਦਿੱਤੀ ਜਾਣਕਾਰੀ
ਕਪੂਰਥਲਾ ਦੇ SSP ਗੌਰਵ ਤੂਰਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਫੈਲ ਰਹੀ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਜਾਂ ਝੂਠੀ ਜਾਣਕਾਰੀ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਪੁਸ਼ਟੀ ਕੀਤੇ ਕਿਸੇ ਵੀ ਪੋਸਟ ਜਾਂ ਅਫਵਾਹ ਨੂੰ ਅੱਗੇ ਨਾ ਵਧਾਇਆ ਜਾਵੇ, ਤਾਂ ਜੋ ਕਾਨੂੰਨ-ਵਿਵਸਥਾ ਪ੍ਰਭਾਵਿਤ ਨਾ ਹੋਵੇ।
ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਜਾਣਕਾਰੀ ਦੀ ਉਡੀਕ ਹੈ
