ਛਠ ਪੂਜਾ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ, ਅਮਨ ਅਰੋੜਾ ਨੇ ਸਿੱਧਵਾਂ ਨਹਿਰ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ - Punjab Nation TV

ਛਠ ਪੂਜਾ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ, ਅਮਨ ਅਰੋੜਾ ਨੇ ਸਿੱਧਵਾਂ ਨਹਿਰ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ

ਲੁਧਿਆਣਾ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਛਠ ਪੂਜਾ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਤਹਿਤ ਲੁਧਿਆਣਾ ਦੀ ਸਿੱਧਵਾਂ ਨਹਿਰ ਵਿਖੇ ਹੋਣ ਵਾਲੇ ਛਠ ਪੂਜਾ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ।

ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਮੌਜੂਦ ਰਹੇ। ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਛਠ ਪੂਜਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਢੁੱਕਵੇਂ ਪੂਜਾ ਘਾਟ ਤਿਆਰ ਕੀਤੇ ਜਾਣ। ਇਸ ਦੇ ਨਾਲ ਹੀ ਨਹਿਰ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਗੋਤਾਖੋਰਾਂ ਦੀਆਂ ਟੀਮਾਂ ਤਾਇਨਾਤ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਖ਼ੂਬਸੂਰਤੀ ਇੱਥੋਂ ਦੀ ਧਾਰਮਿਕ ਸਾਂਝੀਵਾਲਤਾ, ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਵਿੱਚ ਵੱਸਦੀ ਹੈ। ਸੂਬੇ ਵਿੱਚ ਵੱਖ-ਵੱਖ ਧਰਮਾਂ ਦੇ ਲੋਕ ਮਿਲਜੁਲ ਕੇ ਹਰ ਤਿਉਹਾਰ ਮਨਾਉਂਦੇ ਹਨ ਅਤੇ ਇਹੀ ਪੰਜਾਬ ਦੀ ਵਿਲੱਖਣ ਪਛਾਣ ਹੈ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਧਰਮ ਅਤੇ ਹਰ ਵਰਗ ਦੀਆਂ ਭਾਵਨਾਵਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਹਰ ਸ਼ਰਧਾਲੂ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੇ ਧਾਰਮਿਕ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਸਕੇ